ਮੁੱਖ ਮੰਤਰੀ ਨੇ ਉੱਚ ਪੁਲੀਸ ਤੇ ਸਿਵਲ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ
ਨਸ਼ਾ ਵੇਚਣ ਵਾਲਿਆਂ ਦੀ ਸਪਲਾਈ ਚੇਨ ਤੋੜਨ ਅਤੇ ਨਸ਼ਾ ਪੀੜਤਾਂ ਨੂੰ ਮਰੀਜ਼ਾਂ ਵਾਂਗ ਇਲਾਜ ਦੇਣ ’ਤੇ ਦਿੱਤਾ ਜ਼ੋਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲੀਸ ਅਕਾਦਮੀ ਵਿਖੇ ਸੂਬੇ ਦੇ ਉੱਚ ਪੁਲੀਸ ਅਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਪੰਜਾਬ ਦੀਆਂ ਵੱਖ-ਵੱਖ ਪੁਲੀਸ ਰੇਂਜਾਂ ਦੇ ਡੀ ਆਈ ਜੀ, ਪੁਲੀਸ ਕਮਿਸ਼ਨਰਾਂ, ਸੀਨੀਅਰ ਪੁਲੀਸ ਅਧਿਕਾਰੀਆਂ ਅਤੇ ਕੈਬਨਿਟ ਮੰਤਰੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਡੀ ਜੀ ਪੀ ਪੰਜਾਬ ਪੁਲੀਸ ਗੌਰਵ ਯਾਦਵ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ ਅਤੇ ਡਾ. ਬਲਬੀਰ ਸਿੰਘ ਸਮੇਤ ਹੋਰ ਮੰਤਰੀ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਮੁੱਖ ਤੌਰ ’ਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਨਸ਼ਿਆਂ ਦੀ ਸਪਲਾਈ ਚੇਨ ਤੋੜਨ ਅਤੇ ਪੁਲੀਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲੀਸ ਦਾ ਕੰਮ ਨਹੀਂ ਹੈ, ਸਗੋਂ ਇਸ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਮੱਥੇ ’ਤੇ ਲੱਗੇ ਨਸ਼ਿਆਂ ਦੇ ਕਲੰਕ ਨੂੰ ਮਿਟਾਉਣ ਲਈ ਯਤਨਸ਼ੀਲ ਹੈ ਅਤੇ ਇਸ ਮੁਹਿੰਮ ਵਿੱਚ ਸਮਾਜ ਦੇ ਹਰ ਵਰਗ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਕਰਨ ਵਾਲਿਆਂ ਨੂੰ ਮਰੀਜ਼ਾਂ ਵਾਂਗ ਸਮਝ ਕੇ ਉਨ੍ਹਾਂ ਦਾ ਇਲਾਜ ਅਤੇ ਮੁੜ ਵਸੇਬਾ ਕਰਵਾਉਣਾ ਚਾਹੀਦਾ ਹੈ, ਜਦਕਿ ਨਸ਼ਿਆਂ ਦੀ ਤਸਕਰੀ ਅਤੇ ਵਿਕਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਸਪਲਾਈ ਚੇਨ ਨੂੰ ਤੋੜਨਾ ਲਾਜ਼ਮੀ ਹੈ। ਉਨ੍ਹਾਂ ਪੰਜਾਬ ਪੁਲੀਸ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਅਧਿਕਾਰੀਆਂ ਨੂੰ ਇਸ ਮੁਹਿੰਮ ਵਿੱਚ ਹੋਰ ਸਰਗਰਮੀ ਨਾਲ ਕੰਮ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੁਲੀਸ ਅਤੇ ਸੁਰੱਖਿਆ ਏਜੰਸੀਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਐਂਟੀ-ਡਰੋਨ ਪ੍ਰਣਾਲੀ ਰਾਹੀਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਚਰਚਾ ਕੀਤੀ। ਮੁੱਖ ਮੰਤਰੀ ਨੇ ਪੁਲੀਸ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਪੁਲੀਸ ਅਧਿਕਾਰੀਆਂ ਦਾ ਕਿਰਦਾਰ ਅਜਿਹਾ ਹੋਣਾ ਚਾਹੀਦਾ ਹੈ ਕਿ ਲੋਕ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕਰਨ ਅਤੇ ਪੁਲੀਸ ਪ੍ਰਤੀ ਲੋਕਾਂ ਦਾ ਭਰੋਸਾ ਮਜ਼ਬੂਤ ਹੋਵੇ।
ਉਨ੍ਹਾਂ ਪੰਜਾਬ ਪੁਲੀਸ ਦੇ ਡੀ ਐੱਸ ਪੀਜ਼ ਨੂੰ 117 ਨਵੇਂ ਵਾਹਨ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਹੋਰ ਅਪਰਾਧਾਂ ਵਿਰੁੱਧ ਕਾਰਵਾਈ ਲਈ ਪੁਲੀਸ ਪ੍ਰਸ਼ਾਸਨ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਮੁੱਖ ਮੰਤਰੀ ਨੇ ਪੰਜਾਬ ਦੇ ਇਤਿਹਾਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਧਰਤੀ ਬਹਾਦਰਾਂ, ਜਰਨੈਲਾਂ ਅਤੇ ਯੋਧਿਆਂ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ, ਪਰ ਪੰਜਾਬ ਦੀ ਰਾਖੀ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੀ ਮਿਸਾਲ ਦਿੰਦਿਆਂ ਲੋਕਾਂ ਨੂੰ ਸੱਦਾ ਦਿੱਤਾ ਕਿ ਸਾਰੇ ਮਿਲ ਕੇ ਪੰਜਾਬ ਨੂੰ ਮੁੜ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ ’ਤੇ ਲੈ ਕੇ ਜਾਣ।
ਮਾਨਸਾ ਵਿੱਚ ਵਾਪਰੀ ਘਟਨਾ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਇਸ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਘਟਨਾ ਪਿੱਛੇ ਜਿਹੜੇ ਵੀ ਲੋਕਾਂ ਦੀ ਸਾਜ਼ਿਸ਼ ਸਾਹਮਣੇ ਆਵੇਗੀ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

