ਸੁਰਜੀਤ ਮਜਾਰੀ
ਬੰਗਾ, 26 ਜੂਨ
ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਵੱਲੋਂ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਦੇ ਸਹਿਯੋਗ ਨਾਲ ‘ਸਟਾਪ ਐਪੀਲੈਪਸੀ ਪ੍ਰਾਜੈਕਟ’ ਤਹਿਤ ਮਿਰਗੀ ਦੀ ਬਿਮਾਰੀ ਦੇ ਇਲਾਜ ਨੂੰ ਹੋਰ ਬਿਹਤਰ ਅਤੇ ਪਹੁੰਚਣਯੋਗ ਬਣਾਉਣ ਲਈ ਗੁਰੂ ਨਾਨਕ ਕਾਲਜ ਆਫ ਨਰਸਿੰਗ, ਢਾਂਹਾਂ ਕਲੇਰਾ ਵਿੱਚ ਫਾਰਮੇਸੀ ਅਫ਼ਸਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਤੇ ਆਸ਼ਾ ਵਰਕਰਾਂ ਨੂੰ ਟਰੇਨਿੰਗ ਦਿੱਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਅਤੇ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਦੇ ਨਿਊਰੋਲੋਜੀ ਵਿਭਾਗ ਦੇ ਮੁਖੀ ਪ੍ਰੋਫੈਸਰ ਡਾ. ਗਗਨਦੀਪ ਸਿੰਘ ਨੇ ਵਿਚਾਰ ਰੱਖੇ।
ਉਨ੍ਹਾਂ ਦੱਸਿਆ ਕਿ ਮਿਰਗੀ ਦਿਮਾਗ ਨਾਲ ਸਬੰਧਿਤ ਤੰਤੂ ਪ੍ਰਣਾਲੀ ਦਾ ਵਿਗਾੜ ਹੈ। ਇਹ ਪ੍ਰਾਜੈਕਟ ਮਿਰਗੀ ਤੋਂ ਪੀੜਤ ਲੋਕਾਂ ਨੂੰ ਬਿਹਤਰ ਤੇ ਪਹੁੰਚਣਯੋਗ ਸਕਰੀਨਿੰਗ ਤੇ ਡਾਇਗਨੌਸਟਿਕ ਸਿਹਤ ਸੇਵਾਵਾਂ ਪ੍ਰਦਾਨ ਕਰੇਗਾ। ਉਨ੍ਹਾਂ ਦੱਸਿਆ ਕਿ ਮਿਰਗੀ ਦੇ ਮਰੀਜ਼ਾਂ ਨੂੰ ਮਿਰਗੀ ਦਾ ਇਲਾਜ ਅਧੂਰਾ ਨਹੀਂ ਛੱਡਣਾ ਚਾਹੀਦਾ, ਕਿਉਂਕਿ ਇਕ ਵੀ ਖੁਰਾਕ ਮਿਸ ਕਰਨ ਨਾਲ ਮਿਰਗੀ ਦਾ ਦੌਰਾ ਪੈਣ ਦਾ ਖਤਰਾ ਵਧ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਲਦ ਪਛਾਣ ਤੇ ਸਹੀ ਇਲਾਜ ਨਾਲ 70 ਫੀਸਦ ਮਿਰਗੀ ਦੇ ਮਰੀਜ਼ ਆ ਜ਼ਿੰਦਗੀ ਜੀਅ ਸਕਦੇ ਹਨ।
ਇਸ ਮੌਕੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੀ ਅਗਵਾਈ ਵਿੱਚ ਉਕਤ ਸਿਹਤ ਅਧਿਕਾਰੀਆਂ ਨੂੰ ਟਰੱਸਟ ਦੇ ਵਿਹੜੇ ਜੀ ਆਇਆਂ ਆਖਿਆ ਗਿਆ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਪੀ.ਐੱਚ.ਸੀ., ਸੁੱਜੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਚਰਨਜੀਤ ਕੁਮਾਰ, ਬਲਾਕ ਐਕਸਟੈਂਸ਼ਨ ਐਜੂਕੇਟਰ ਰਾਜ ਕੁਮਾਰ, ਵਿਕਾਸ ਵਿਰਦੀ, ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਤੋਂ ‘ਸਟਾਪ ਐਪੀਲੈਪਸੀ ਪ੍ਰਾਜੈਕਟ’ ਦੇ ਰਿਸਰਚ ਐਸੋਸੀਏਟ ਡਾ. ਸਰਿਸ਼ਟੀ ਵਰਮਾ, ਕਲੀਨੀਕਲ ਰਿਸਰਚ ਟ੍ਰੇਨਿੰਗ ਫੈਲੋ ਉਤਪਲ ਗਗੋਈ ਤੇ ਬੱਬਲਜੀਤ ਸਮੇਤ ਸਿਹਤ ਵਿਭਾਗ ਦੇ ਮੈਡੀਕਲ ਅਫਸਰ ਅਤੇ ਹੋਰ ਅਧਿਕਾਰੀ ਮੌਜੂਦ ਸਨ।