ਨਿੱਜੀ ਪੱਤਰ ਪ੍ਰੇਰਕ
ਜਲੰਧਰ, 21 ਨਵੰਬਰ
ਸਰਵ ਸਿੱਖਿਆ ਅਭਿਆਨ/ਮਿਡ ਡੇਅ ਮੀਲ ਦਫਤਰੀ ਕਰਮਚਾਰੀ ਯੂਨੀਅਨ ਪੰਜਾਬ ਨੇ 23 ਨਵੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਰਕਾਰੀ ਰਿਹਾਇਸ਼ ਵੱਲ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੈ। ਜੱਥੇਬੰਦੀ ਦੇ ਆਗੂਆਂ ਨੇ ਆਸ਼ੀਸ਼ ਜੁਲਾਹਾ, ਮੋਹਿਤ ਸ਼ਰਮਾ, ਵਿਸ਼ਾਲ ਮਹਾਜਨ, ਗਗਨ ਸਿਆਲ, ਸ਼ੋਭਿਤ ਭਗਤ, ਰਾਜੀਵ ਸ਼ਰਮਾ ਅਤੇ ਸੁਖਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਪੱਕਿਆ ਨਹੀਂ ਕਰਨਾ ਚਹੁੰਦੀ। ਇਨ੍ਹਾਂ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 36000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕਰ ਦਿੱਤਾ ਗਿਆ ਸੀ ਅਤੇ 11 ਨਵੰਬਰ ਨੂੰ ਵਿਧਾਨ ਸਭਾ ਵਿੱਚ ਬਿੱਲ ਵੀ ਪਾਸ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਬਿੱਲ ਪਾਸ ਹੋਣ ਦੇ 10 ਦਿਨ ਬੀਤਣ ਦੇ ਬਾਵਜੂਦ ਐਕਟ ਨੋਟੀਫਾਈ ਕਰਕੇ ਵਿਭਾਗਾਂ ਨੂੰ ਨਹੀਂ ਭੇਜਿਆ ਗਿਆ ਜਿਸ ਤੋਂ ਕਾਂਗਰਸ ਸਰਕਾਰ ਦੀ ਨੀਅਤ ਸਾਫ ਨਜ਼ਰ ਆ ਰਹੀ ਹੈ। ਉਨ੍ਹਾਂ ਇਹ ਦੋਸ਼ ਵੀ ਲਗਾਏ ਕਿ 36000 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਐਲਾਨ ਦੇ ਨਾਂ ’ਤੇ ਕਾਂਗਰਸ ਨੇ ਮੁੱਖ ਮੰਤਰੀ ਚੰਨੀ ਦੀਆਂ ਤਸਵੀਰਾਂ ਲਗਾ ਕੇ ਵੱਡੇ ਵੱਡੇ ਹੋਰਡਿੰਗਾਂ ਰਾਹੀਂ ਪ੍ਰਚਾਰ ਤਾਂ ਕਰ ਲਿਆ ਪਰ ਇਸ ਨੂੰ ਅਮਲ ਵਿੱਚ ਨਹੀਂ ਲਿਆਂਦਾ। ਇਨ੍ਹਾਂ ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਨੇ ਨਵੇਂ ਵਿਭਾਗੀ ਮਸਲੇ ਖੜ੍ਹੇ ਕਰ ਦਿੱਤੇ ਹਨ ਜਿਨ੍ਹਾਂ ਵਿੱਚ ਮੁਲਾਜ਼ਮਾਂ ਦੀ 5000 ਰੁਪਏ ਪ੍ਰਤੀ ਮਹੀਨਾ ਤਨਖਾਹ ਕੱਟਣ ਅਤੇ ਦੂਰ-ਦੁਰਾਡੇ ਆਰਜ਼ੀ ਬਦਲੀਆਂ ਕੀਤੇ ਜਾਣ ਵਿਰੁੱਧ ਰੋਸ ਵਜੋਂ 23 ਨਵੰਬਰ ਨੂੰ ਸਮੂਹਿਕ ਛੁੱਟੀ ਲੈ ਕੇ ਸਿੱਖਿਆ ਭਵਨ ਮੁਹਾਲੀ ਦੇ ਬਾਹਰ ਪੱਕਾ ਧਰਨਾ ਲਾਉਣਗੇ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਚੰਡੀਗੜ੍ਹ ਵੱਲ ਮਾਰਚ ਕਰਨਗੇੇ।