ਪਾਲ ਸਿੰਘ ਨੌਲੀ
ਜਲੰਧਰ, 18 ਨਵੰਬਰ
ਸਥਾਨਕ ਰੈੱਡ ਕਰਾਸ ਭਵਨ ਵਿਚ 68ਵੇਂ ਸਹਿਕਾਰੀ ਸਪਤਾਹ ਦਿਵਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਸਹਿਕਾਰਤਾ ਲਹਿਰ ਨੇ ਵਡਮੁੱਲਾ ਯੋਗਦਾਨ ਪਾਇਆ ਹੈ। ਉਨ੍ਹਾਂ ਇਸ ਮੌਕੇ ਸਹਿਕਾਰੀ ਬੈਂਕਾਂ ਦੇ ਮਹੱਤਵ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਹਿਕਾਰੀ ਬੈਂਕਾਂ ਵੱਲੋਂ ਜਿਥੇ ਕਿਸਾਨਾਂ ਨੂੰ ਸਸਤੀਆਂ ਦਰਾਂ ’ਤੇ ਕਰਜ਼ੇ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਸ਼ਾਹੂਕਾਰਾਂ ਦੇ ਕਰਜ਼ੇ ਤੋਂ ਨਿਜਾਤ ਦਿਵਾਈ ਗਈ ਹੈ ਉਥੇ ਸਹਿਕਾਰਤਾ ਵਿਭਾਗ ਨਾਲ ਜੁੜੇ ਮਾਰਕਫੈੱਡ ਅਤੇ ਮਿਲਕਫੈੱਡ ਵਰਗੇ ਅਦਾਰਿਆਂ ਵੱਲੋਂ ਸੂਬੇ ਦੇ ਵਿਕਾਸ ਵਿੱਚ ਅਹਿਮ ਰੋਲ ਅਦਾ ਕੀਤਾ ਜਾ ਰਿਹਾ ਹੈ।
ਸੰਸਦ ਮੈਂਬਰ ਨੇ ਕਿਸਾਨਾਂ ਨੂੰ ਸਾਫ-ਸੁਥਰੇ ਵਾਤਾਵਰਨ ਲਈ ਪਰਾਲੀ ਸਾੜਨ ਦੇ ਰੁਝਾਨ ਨੂੰ ਤਿਆਗਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਸਬਸਿਡੀ ’ਤੇ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਦੀ ਵਰਤੋਂ ਨਾਲ ਕਿਸਾਨ ਪਰਾਲੀ ਦੀ ਸੁਚੱਜੀ ਸੰਭਾਲ ਕਰਕੇ ਲਾਭ ਪ੍ਰਾਪਤ ਕਰ ਸਕਦੇ ਹਨ। ਸਹਿਕਾਰੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਚੌਧਰੀ ਸੰਤੋਖ ਸਿੰਘ ਦਾ ਸਨਮਾਨ ਵੀ ਕੀਤਾ ਗਿਆ।ਡਿਪਟੀ ਰਜਿਸਟਰਾਰ ਡਾ. ਜਗਜੀਤ ਸਿੰਘ ਨੇ ਸਹਿਕਾਰਤਾ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਹਾਇਕ ਰਜਿਸਟਰਾਰ ਫਿਲੌਰ ਮਲਕੀਤ ਸਿੰਘ, ਸਹਾਇਕ ਰਜਿਸਟਰਾਰ ਰੋਹਿਤ ਕੁਮਾਰ, ਸ਼ੂਗਰ ਮਿੱਲ ਨਕੋਦਰ ਦੇ ਜਨਰਲ ਮੈਨੇਜਰ ਆਈਪੀਐੱਸ ਭਾਟੀਆ ਤੇ ਸਹਿਕਾਰੀ ਸਭਾਵਾਂ ਦੇ ਇੰਸਪੈਕਟਰ, ਸਕੱਤਰ ਅਤੇ ਮੈਂਬਰ ਮੌਜੂਦ ਸਨ।