ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ
ਬੁਰਜ ਟਹਿਲ ਦਾਸ, ਸੈਦਪੁਰ, ਕਨੌਨ ਦੇ 93 ਕਿਸਾਨਾਂ ਨੂੰ ਦਿੱਤੇ 17.31 ਰੁਪਏ ਦੇ ਚੈੱਕ
ਪੰਜਾਬ ਅੰਦਰ ਆਏ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਅਤੇ ਜ਼ਮੀਨਾਂ ਦੇ ਹੋਏ ਨੁਕਸਾਨ ਬਦਲੇ ਪੰਜਾਬ ਸਰਕਾਰ ਵੱਲੋਂ ਮੁਆਵਜ਼ਾ ਦੇਣ ਦੀ ਲੜੀ ਤਹਿਤ ਅੱਜ ਜ਼ਿਲ੍ਹੇ ਦੇ 93 ਕਿਸਾਨਾਂ ਨੂੰ 17 ਲੱਖ ਰੁਪਏ ਤੋਂ ਵੱਧ ਦਾ ਮੁਆਵਜ਼ਾ ਦਿੱਤਾ ਗਿਆ।
ਇੱਥੇ ਐੱਸ ਡੀ ਐੱਮ ਦਫ਼ਤਰ ਵਿੱਚ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਵਾਈਸ ਚੇਅਰਮੈਨ ਲਲਿਤ ਮੋਹਨ ਪਾਠਕ ਨੇ ਐੱਸ ਡੀ ਐੱਮ ਅਨਮਜਯੋਤ ਕੌਰ ਦੀ ਮੌਜੂਦਗੀ ਵਿੱਚ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਦਿੱਤੇ। ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦਿੰਦਿਆ ਲਲਿਤ ਮੋਹਨ ਪਾਠਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਕਿਸਾਨਾਂ ਨੂੰ 17,31,535 ਰੁਪਏ ਦੇ ਮੁਆਵਜ਼ੇ ਦੇ ਚੈੱਕ ਦਿੱਤੇ ਗਏ।
ਲਲਿਤ ਮੋਹਨ ਪਾਠਕ ਨੇ ਦੱਸਿਆ ਕਿ ਅੱਜ ਪਿੰਡ ਸੈਦਪੁਰ, ਬੁਰਜ ਟਹਿਲ ਦਾਸ, ਕਨੌਨ ਆਦਿ ਪਿੰਡਾਂ ਦੇ ਕਿਸਾਨਾਂ ਨੂੰ ਚੈਕ ਸੌਂਪੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪੀੜ੍ਹਤਾਂ ਦੇ ਨੁਕਸਾਨ ਦੀ ਭਰਪਾਈ ਲਈ ਲਗਾਤਾਰ ਉਪਰਾਲੇ ਜਾਰੀ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਫ਼ਤ ਬੀਜ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਜ਼ਿਲ੍ਹੇ ਵਿੱਚ ਕਣਕ ਦਾ 380 ਕੁਇੰਟਲ ਬੀਜ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਨੂੰ ਮੁਫ਼ਤ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਨੂੰ ਮੁਫ਼ਤ ਅਤੇ ਬਾਕੀ ਇਲਾਕਿਆਂ ਦੇ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ’ਤੇ ਬੀਜ ਮੁਹੱਈਆ ਕਰਵਾਇਆ ਜਾ ਰਿਹਾ ਹੈ।

