ਸੁਰਜੀਤ ਮਜਾਰੀ
ਬੰਗਾ, 8 ਮਾਰਚ
ਢਾਹਾਂ ਕਲੇਰਾਂ ਦੇ ਗੁਰੂ ਨਾਨਕ ਮਿਸ਼ਨ ਕਾਲਜ ਆਫ਼ ਨਰਸਿੰਗ ਵਿੱਚ ਅੱਜ ਮਹਿਲਾ ਦਿਵਸ ਮੌਕੇ ਆਮ ਗਿਆਨ ਦੀ ਲਿਖਤੀ ਪ੍ਰਤੀਯੋਗਤਾ ਕਰਵਾਈ ਗਈ। ਇਹ ਉਪਰਾਲਾ ਸਮਾਜਿਕ ਸਾਂਝ ਸੰਸਥਾ ਬੰਗਾ ਵੱਲੋਂ ਕੀਤਾ ਗਿਆ। ਇਸ ਪ੍ਰਤੀਯੋਗਤਾ ਵਿੱਚ ਪਹਿਲੇ ਤਿੰਨ ਸਥਾਨ ਬੀਐੱਸਸੀ ਨਰਸਿੰਗ ਦੀਆਂ ਵਿਦਿਆਰਥਣਾ ਨੇ ਹਾਸਲ ਕੀਤੇ। ਇਨ੍ਹਾਂ ’ਚ ਨੀਤਿਕਾ ਵਾਸੀ ਫ਼ਗਵਾੜਾ, ਹਰਦੀਪ ਕੌਰ ਵਾਸੀ ਭੁੰਨੋ ਅਤੇ ਗੁਰਵੀਰ ਕੌਰ ਵਾਸੀ ਗੋਸਲਾਂ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਇਨਾਮ ਜਿੱਤਿਆ। ਇਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਪ੍ਰਤੀਯੋਗਤਾ ’ਚ ਭਾਗ ਲੈਣ ਵਾਲੀਆਂ ਸਾਰੀਆਂ ਵਿਦਿਆਰਥਣਾਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਅਤੇ ਸਮਾਜਿਕ ਸਾਂਝ ਸੰਸਥਾ ਬੰਗਾ ਦੇ ਪ੍ਰਧਾਨ ਹਰਮਿੰਦਰ ਸਿੰਘ ਤਲਵੰਡੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿੰਦਗੀ ’ਚ ਹਰ ਚੁਣੌਤੀ ਨੂੰ ਸਵੀਕਾਰ ਕਰਨਾ ਚਾਹੀਦਾ ਹੈ। ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ ਨੇ ‘ਮਹਿਲਾ ਦਿਵਸ’ ਦੀ ਮਹੱਤਤਾ ਦੱਸੀ।