ਸੁਰਜੀਤ ਮਜਾਰੀ
ਬੰਗਾ, 30 ਜੁਲਾਈ
ਹਲਕਾ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਬਠਿੰਡਾ ਦੀ ਇੱਕ ਡੇਰਾ ਸਮਰੱਥਕ ਖਿਲਾਫ਼ ਥਾਣਾ ਸਦਰ ਦੇ ਮੁਖੀ ਰਾਜੀਵ ਕੁਮਾਰ ਨੂੰ ਸ਼ਿਕਾਇਤ ਪੱਤਰ ਦਿੱਤਾ ਅਤੇ ਉਸ ਖਿਲਾਫ਼ ਕਾਰਵਾਈ ਦੀ ਮੰਗ ਕੀਤੀ। ਸ਼ਿਕਾਇਤ ਪੱਤਰ ‘ਚ ਲਿਖਿਆ ਸੀ ਕਿ ਬਠਿੰਡਾ ਵਾਸੀ ਵੀਰਪਾਲ ਕੌਰ ਪਤਨੀ ਜਗਤਾਰ ਸਿੰਘ ਨੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰੀ ਹੈ ਅਤੇ ਗੁਰੂ ਸਹਬਿਾਨ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇੱਕ ਅਪਰਾਧੀ ਵਿਅਕਤੀ ਦੀ ਗੁਰੂ ਸਹਬਿਾਨ ਨਾਲ ਤੁਲਨਾ ਕਰਨਾ ਮੰਦਭਾਗਾ ਹੈ। ਉਨ੍ਹਾਂ ਇਸ ਮਾਮਲੇ ’ਚ ਪੁਲੀਸ ਪ੍ਰਸ਼ਾਸ਼ਨ ਪਾਸੋਂ ਮਹਿਲਾ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਮੌਕੇ ਉਹਨਾਂ ਨਾਲ ਯੂਥ ਅਕਾਲੀ ਦਲ ਦੇ ਸੂਬਾਈ ਆਗੂ ਸੁਖਦੀਪ ਸਿੰਘ ਸ਼ੁਕਾਰ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬੁੱਧ ਸਿੰਘ ਬਲਾਕੀਪੁਰ, ਨਗਰ ਕੌਸ਼ਲ ਬੰਗਾ ਦੇ ਮੀਤ ਪ੍ਰਧਾਨ ਜਸਵਿੰਦਰ ਸਿੰਘ ਮਾਨ, ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੋਹਣ ਲਾਲ ਢੰਡਾ, ਐਮ ਸੀ ਜੀਤ ਸਿੰਘ ਭਾਟੀਆ,ਸ਼ਹਿਰੀ ਪ੍ਰਧਾਨ ਰਮਨ ਕੁਮਾਰ ਆਦਿ ਸ਼ਾਮਲ ਸਨ।
ਆਗੂਆਂ ਨੇ ਕੈਪਟਨ ਸਰਕਾਰ ਨੂੰ ਭੰਡਿਆ
ਸ਼ਿਕਾਇਤ ਪੱਤਰ ਦੇਣ ਤੋਂ ਪੈਹਲਾਂ ਸਥਾਨਕ ਸੁਖਮਨੀ ਇਨਕਲੇਵ ’ਚ ਇਕੱਤਰ ਹੋਏ ਅਕਾਲੀ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਪਟਨ ਸਰਕਾਰ ਦੀਆਂ ਨਕਾਮੀਆਂ ਨੂੰ ਕੋਸਿਆ। ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਅਤੇ ਯੂਥ ਅਕਾਲੀ ਦਲ ਦੇ ਸੂਬਾਈ ਆਗੂ ਸੁਖਦੀਪ ਸਿੰਘ ਸ਼ੁਕਾਰ ਨੇ ਕਿਹਾ ਕਿ ਲੋਕ ਅੱਜ ਆਪਣੀਆਂ ਹੱਕੀ ਮੰਗਾਂ ਨੂੰ ਤਰਸ ਰਹੇ ਹਨ ਅਤੇ ਹਰ ਵਰਗ ਕਰੋਨਾ ਵਰਗੀ ਮਹਾਂਮਾਰੀ ਦੇ ਹਲਾਤਾਂ ’ਚ ਵੀ ਆਪਣੇ ਹੱਕਾਂ ਲਈ ਸੰਘਰਸ਼ ਕਰਨ ਲਈ ਮਜ਼ਬੂਰ ਹੈ।