ਹਰਪ੍ਰੀਤ ਕੌਰ
ਹੁਸ਼ਿਆਰਪੁਰ, 14 ਅਪਰੈਲ
ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓਪੀ ਸੋਨੀ ਨੇ ਅੱਜ ਇੱਥੇ ਕਿਹਾ ਕਿ ਹੁਸ਼ਿਆਰਪੁਰ ਵਿਚ 375 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਜਲਦੀ ਸ਼ੁਰੂ ਹੋਵੇਗਾ। ਇਸ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਮੁਕੰਮਲ ਹੋਣ ਦੇ ਨਾਲ-ਨਾਲ ਲੋੜੀਂਦੇ ਫੰਡ ਵੀ ਜਾਰੀ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਅਹਿਮ ਪ੍ਰਾਜੈਕਟ ਦਾ ਨੀਂਹ ਪੱਥਰ ਜੁਲਾਈ ਦੇ ਪਹਿਲੇ ਹਫ਼ਤੇ ਰੱਖਣਗੇ। ਓਪੀ ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹੁਸ਼ਿਆਰਪੁਰ ਵਿਚ ਮੈਡੀਕਲ ਕਾਲਜ ਸਥਾਪਤ ਕੀਤਾ ਜਾ ਰਿਹਾ ਹੈ ਅਤੇ ਮੌਜੂਦਾ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਕੇ 500 ਬੈੱਡ ਦਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਮੈਡੀਕਲ ਕਾਲਜ ਨੂੰ ਦਸੰਬਰ 2022 ਤੱਕ ਮੁਕੰਮਲ ਕਰਨ ਅਤੇ 2023 ਵਿੱਚ ਸੈਸ਼ਨ ਸ਼ੁਰੂ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੈਡੀਕਲ ਕਾਲਜ ਦੀ ਉਸਾਰੀ ਲਈ 325 ਕਰੋੜ ਰੁਪਏ ਅਤੇ 50 ਕਰੋੜ ਰੁਪਏ ਅਤਿ ਆਧੁਨਿਕ ਸਿਹਤ ਸਹੂਲਤਾਂ ਨਾਲ ਲੈਸ ਮਸ਼ੀਨਾਂ ’ਤੇ ਖਰਚ ਕੀਤੇ ਜਾਣਗੇ।