ਗੁਰਦੇਵ ਸਿੰਘ ਗਹੂੰਣ
ਬਲਾਚੌਰ, 12 ਮਈ
ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੇਂਦਰੀ ਮੰਤਰੀ ਮੁਨੀਸ਼ ਤਿਵਾੜੀ ਨੇ ਕਿਹਾ ਕਿ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਉਨ੍ਹਾਂ ਦਾ ਮੁੱਖ ਉਦੇਸ਼ ਹੈ, ਜਿਸ ਲਈ ਉਨ੍ਹਾਂ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਬਲਾਚੌਰ ਹਲਕੇ ਦੇ ਪਿੰਡ ਕੰਗਣਾ ਬੇਟ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਦੀ ਇਮਾਰਤ ਦੀ ਉਸਾਰੀ ਲਈ 5 ਲੱਖ ਰੁਪਏ, ਪਿੰਡ ਮਾਲੇਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਮਰੇ ਦੀ ਉਸਾਰੀ ਲਈ 2 ਲੱਖ ਰੁਪਏ, ਪਿੰਡ ਮਝੋਟ ਵਿੱਚ ਸੋਲਰ ਲਾਈਟਾਂ ਲਗਾਉਣ ਲਈ 3 ਲੱਖ ਰੁਪਏ ਅਤੇ ਪਿੰਡ ਆਸਰੋਂ ਵਿੱਚ ਸ਼ੈੱਡ ਬਣਾਉਣ ਲਈ 2 ਲੱਖ ਰੁਪਏ ਦੇ ਚੈੱਕ ਵੰਡੇ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਵਿਕਾਸ ਦੀ ਰਾਜਨੀਤੀ ਕਰਨ ਵਿੱਚ ਵਿਸ਼ਵਾਸ਼ ਰੱਖਦੀ ਹੈ। ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਬਲਾਚੌਰ ਹਲਕੇ ਦੇ ਵਿਕਾਸ ਲਈ ਫੰਡ ਜਾਰੀ ਕਰਨ ਲਈ ਮੁਨੀਸ਼ ਤਿਵਾੜੀ ਦਾ ਧੰਨਵਾਦ ਕੀਤਾ। ਇਸ ਮੌਕੇ ਹਰਜੀਤ ਸਿੰਘ ਜਾਡਲੀ ਚੇਅਰਮੈਨ ਕੇਂਦਰੀ ਸਹਿਕਾਰੀ ਬੈਂਕ, ਮਦਨ ਲਾਲ ਹੱਕਲਾ, ਰਾਜਿੰਦਰ ਸਿੰਘ ਸ਼ਿੰਦੀ, ਧਰਮਪਾਲ ਚੇਅਰਮੈਨ, ਹੀਰਾ ਲਾਲ ਖੇਪੜ ਪ੍ਰਧਾਨ ਜ਼ਿਲ੍ਹਾ ਯੂਥ ਕਾਂਗਰਸ, ਅਵਤਾਰ ਸਿੰਘ ਸਰਪੰਚ ਕੰਗਣਾ ਬੇਟ, ਵਿਜੈ ਰਾਣਾ ਸਰਪੰਚ ਅਤੇ ਸਤਪਾਲ ਭੂੰਬਲਾ ਆਦਿ ਪਤਵੰਤੇ ਵੀ ਮੌਜੂਦ ਸਨ।