ਨਿੱਜੀ ਪੱਤਰ ਪ੍ਰੇਰਕ
ਜਲੰਧਰ, 9 ਜੁਲਾਈ
ਸਿੱਖ ਜਥੇਬੰਦੀਆਂ ਦੇ ਗੱਠਜੋੜ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨ ਅਤੇ ਦਰਬਾਰ-ਏ-ਖਾਲਸਾ ਜਥੇਬੰਦੀ ਨੇ ਦੋਸ਼ ਲਾਇਆ ਕਿ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਲਈ ਸੀਬੀਆਈ ਪੂਰਾ ਟਿੱਲ ਲਾ ਰਹੀ ਹੈ। ਇਨ੍ਹਾਂ ਜਥੇਬੰਦੀਆਂ ਦੇ ਆਗੂਆਂ ਸੁਖਦੇਵ ਸਿੰਘ ਫਗਵਾੜਾ ਤੇ ਭਾਈ ਹਰਜਿੰਦਰ ਸਿੰਘ ਮਾਝੀ ਨੇ ਕਿਹਾ ਕਿ ਪਹਿਲਾਂ ਸੀਬੀਆਈ ਵੱਲੋਂ ਇਨ੍ਹਾਂ ਕੇਸਾਂ ਵਿੱਚ ਕਲੋਜ਼ਰ ਰਿਪੋਰਟ ਦਾਖਲ ਕਰਨਾ ਅਤੇ ਬਾਅਦ ਵਿੱਚ ਹੁਣ ਜਦੋਂ ਪੰਜਾਬ ਸਰਕਾਰ ਦੀ ਬਣਾਈ ਸਿੱਟ ਨੇ ਬਰਗਾੜੀ ਬੇਅਦਬੀ ਦੇ ਜ਼ਿਆਦਾਤਰ ਦੋਸ਼ੀਆਂ ’ਤੇ ਸ਼ਿਕੰਜਾ ਕੱਸ ਲਿਆ ਹੈ ਤਾਂ ਹੁਣ ਇਹੀ ਸੀਬੀਆਈ ਮੁੜ ਦੁਬਾਰਾ ਦੋਸ਼ੀਆਂ ਨੂੰ ਬਚਾਉਣ ਲਈ ਇਸ ਜਾਂਚ ਨੂੰ ਰੋਕਣ ਲਈ ਤਰਲੋਮੱਛੀ ਹੋ ਰਹੀ ਹੈ। ਆਗੂਆਂ ਨੇ ਕਿਹਾ ਕਿ ਬਾਦਲ ਪਰਿਵਾਰ ਕੇਂਦਰ ਦੀ ਮਦਦ ਨਾਲ ਆਪਣੇ ਆਪ ਨੂੰ ਅਤੇ ਰਾਮ ਰਹੀਮ ਨੂੰ ਇਨ੍ਹਾਂ ਕੇਸਾਂ ਵਿਚੋਂ ਬਚਾਉਣਾ ਚਾਹੁੰਦਾ ਹੈ ਜਿਸ ਲਈ ਕੇਂਦਰ ਦੇ ਪਿੰਜਰੇ ਦੇ ਤੋਤੇ ਸੀਬੀਆਈ ਦੀ ਮਦਦ ਲਈ ਜਾ ਰਹੀ ਹੈ। ਉਨ੍ਹਾਂ ਨੇ ਹੁਣ ਤੱਕ ਦੀ ਕੀਤੀ ਗਈ ਜਾਂਚ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਉਮੀਦ ਹੈ ਕਿ ਆਉਂਦੇ ਦਿਨਾਂ ਵਿੱਚ ਸਿੱਟ ਬਾਕੀ ਰਹਿੰਦੇ ਦੋਸ਼ੀਆਂ ਨੂੰ ਵੀ ਨਾਮਜ਼ਦ ਕਰਕੇ ਉਨ੍ਹਾਂ ਦੀ ਬੇਅਦਬੀ ਕੇਸਾਂ ਵਿੱਚ ਗ੍ਰਿਫ਼ਤਾਰੀ ਪਾ ਲਵੇਗੀ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸੀਬੀਆਈ ਵੱਲੋਂ ਕੀਤੀ ਜਾ ਰਹੀ ਜਾਂਚ ਰੋਕਣ ਦੀ ਕੋਸ਼ਿਸ਼ ਦਾ ਸੀਬੀਆਈ ਅਦਾਲਤ ਵਿੱਚ ਚੰਗੀ ਤਰ੍ਹਾਂ ਵਿਰੋਧ ਕੀਤਾ ਜਾਵੇ ਅਤੇ ਇਸ ਲਈ ਵਿਸ਼ੇਸ਼ ਪੈਨਲ ਵਕੀਲਾਂ ਦਾ ਅੱਗੇ ਕੀਤਾ ਜਾਵੇ।