ਕਾਂਗਰਸੀ ਕੌਂਸਲਰਾਂ ਵੱਲੋਂ ਨਿਗਮ ਪ੍ਰਸ਼ਾਸਨ ਖ਼ਿਲਾਫ਼ ਮੁਜ਼ਾਹਰਾ
ਮਸਲਿਆਂ ਦੇ ਹੱਲ ਲੲੀ ਮੇਅਰ ਅਤੇ ਕਮਿਸ਼ਨਰ ਨੂੰ 15 ਦਿਨਾਂ ਦਾ ਅਲਟੀਮੇਟਮ
ਇੱਥੇ ਨਗਰ ਨਿਗਮ ਦੀ ਕਾਰਗੁਜ਼ਾਰੀ ਤੋਂ ਨਾਰਾਜ਼ ਕਾਂਗਰਸੀ ਕੌਂਸਲਰਾਂ ਨੇ ਅੱਜ ਨਗਰ ਨਿਗਮ ਦੇ ਦਫਤਰ ਵਿੱਚ ਪ੍ਰਦਰਸ਼ਨ ਕੀਤਾ ਹੈ। ਪ੍ਰਦਰਸ਼ਨਕਾਰੀਆਂ ਨੇ ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ਨੂੰ 15 ਦਿਨਾਂ ਦਾ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਸ਼ਹਿਰ ਵਿੱਚ ਸਾਫ਼-ਸਫ਼ਾਈ, ਕੂੜੇ ਦੀ ਚੁਕਾਈ, ਸੀਵਰੇਜ ਪ੍ਰਣਾਲੀ ਵਿੱਚ ਸੁਧਾਰ ਅਤੇ ਪੀਣ ਵਾਲਾ ਸ਼ੁੱਧ ਪਾਣੀ ਨਾ ਮਿਲਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਹ ਪ੍ਰਦਰਸ਼ਨ ਕਾਂਗਰਸੀ ਕੌਂਸਲਰਾਂ ਦੇ ਆਗੂ ਵਿਕਾਸ ਸੋਨੀ ਦੀ ਅਗਵਾਈ ਹੇਠ ਕੀਤਾ ਗਿਆ ਜਿਸ ਵਿੱਚ ਕਾਂਗਰਸ ਜ਼ਿਲ੍ਹਾ ਸ਼ਹਿਰੀ ਕਮੇਟੀ ਦੇ ਪ੍ਰਧਾਨ ਸੌਰਵ ਮਦਾਨ ਅਤੇ ਹੋਰ ਆਗੂ ਸ਼ਾਮਿਲ ਹੋਏ। ਪ੍ਰਦਰਸ਼ਨਕਾਰੀਆਂ ਵੱਲੋਂ ਨਗਰ ਨਿਗਮ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਕੌਂਸਲਰ ਵਿਕਾਸ ਸੋਨੀ ਨੇ ਮੀਡੀਆ ਨੂੰ ਦੱਸਿਆ ਕਿ ਸ਼ਹਿਰ ਵਿੱਚ ਸਾਫ-ਸਫਾਈ ਦਾ ਮਾੜਾ ਹਾਲ ਹੈ ਅਤੇ ਲੋਕਾਂ ਨੂੰ ਪੀਣ ਵਾਲਾ ਪਾਣੀ ਸ਼ੁੱਧ ਨਹੀਂ ਮਿਲ ਰਿਹਾ। ਇਸ ਸਬੰਧ ਵਿੱਚ ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ਨੂੰ ਕਈ ਵਾਰ ਸ਼ਿਕਾਇਤਾਂ ਵੀ ਕੀਤੀਆਂ ਹਨ ਪਰ ਕੋਈ ਸੁਣਵਾਈ ਨਹੀਂ ਹੋਈ। ਇਸ ਕਾਰਨ ਉਹ ਅੱਜ ਧਰਨਾ ਦੇਣ ਲਈ ਮਜਬੂਰ ਹੋਏ ਹਨ। ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਕੌਂਸਲਰ ਸੌਰਵ ਮਿੱਠੂ ਮਦਾਨ ਨੇ ਦੋਸ਼ ਲਾਇਆ ਕਿ ਸ਼ਹਿਰ ਦੀ ਸਾਫ-ਸਫਾਈ ਵਿਵਸਥਾ ਬਦਤਰ ਹੋ ਚੁੱਕੀ ਹੈ। ਕੂੜੇ ਦੀ ਨਿਰੰਤਰ ਚੁਕਾਈ ਨਾ ਹੋਣ ਕਾਰਨ ਲੋਕ ਭਾਰੀ ਪ੍ਰੇਸ਼ਾਨ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਸ ਦੀ 28 ਨੰਬਰ ਵਾਰਡ ਵਿੱਚ ਲੋਕਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਨਹੀਂ ਮਿਲ ਰਿਹਾ। ਉਨ੍ਹਾਂ ਨਗਰ ਨਿਗਮ ਦੇ ਪ੍ਰਸ਼ਾਸਨ ਨੂੰ 15 ਦਿਨਾਂ ਦਾ ਅਲਟੀਮੇਟਮ ਦਿੰਦਿਆਂ ਆਖਿਆ ਕਿ ਜੇਕਰ ਸਥਿਤੀ ਵਿੱਚ ਸੁਧਾਰ ਨਾ ਆਇਆ ਤਾਂ ਇਸ ਤੋਂ ਬਾਅਦ ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ਦੇ ਦਫਤਰ ਦੇ ਅੰਦਰ ਬੈਠ ਕੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਲਗਭਗ 600 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਬੀ ਆਰ ਟੀ ਐੱਸ ਬੱਸ ਸੇਵਾ ਸਿਸਟਮ ਤਬਾਹ ਕਰ ਦਿੱਤਾ ਗਿਆ ਹੈ ਅਤੇ ਉਸ ਤੇ ਢਾਂਚੇ ਨੂੰ ਕੋਢੀਆਂ ਦੇ ਭਾਅ ਢਾਹਿਆ ਜਾ ਰਿਹਾ। ਇਸ ਮੌਕੇ ਹੋਰ ਕੌਂਸਲਰ ਆਗੂਆਂ ਨੇ ਵੀ ਸੰਬੋਧਨ ਕੀਤਾ ਅਤੇ ਨਗਰ ਨਿਗਮ ਪ੍ਰਸ਼ਾਸਨ ’ਤੇ ਦੋਸ਼ ਲਾਏ।

