ਪਾਲ ਸਿੰਘ ਨੌਲੀ
ਜਲੰਧਰ, 17 ਦਸੰਬਰ
ਪੰਜਾਬ ਕਾਂਗਰਸ ਨੇ ਮਿਸ਼ਨ-2022 ਦੀਆਂ ਚੋਣਾਂ ਲਈ ਦੋਆਬੇ ਤੋਂ ਬਿਗਲ ਵਜਾ ਦਿੱਤਾ ਹੈ। ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੀ ਹਾਜ਼ਰੀ ਵਿਚ ਬਸਪਾ ਵਿਚੋਂ ਆਏ ਆਗੂਆਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਬਸਪਾ ਦੇ ਸਾਬਕਾ ਸੂਬਾਈ ਜਨਰਲ ਸਕੱਤਰ ਸੁਖਵਿੰਦਰ ਕੋਟਲੀ, ਸਾਬਕਾ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਭੌਂਸਲੇ ਫਿਲੌਰ, ਸਾਬਕਾ ਜ਼ਿਲ੍ਹਾ ਪ੍ਰਧਾਨ ਰਾਮ ਸਰੂਪ ਸਰੋਆ, ਡਾ. ਸੁਖਵੀਰ ਸਿੰਘ ਮਾਨਾਂਵਾਲੀ ਫਗਵਾੜਾ ਅਤੇ ਕੁਲਵੰਤ ਸਿੰਘ ਟਿੱਬਾ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਸਿੱਖਿਆ ਮੰਤਰੀ ਪਰਗਟ ਸਿੰਘ ਅਤੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਇਨ੍ਹਾਂ ਆਗੂਆਂ ਦੇ ਕਾਂਗਰਸ ਵਿਚ ਸ਼ਾਮਲ ਹੋਣ ਨਾਲ ਦੋਆਬੇ ਵਿਚ ਬਸਪਾ ਨੂੰ ਤਕੜਾ ਝਟਕਾ ਲੱਗਾ ਹੈ।
ਸਿੱਖਿਆ ਮੰਤਰੀ ਪਰਗਟ ਸਿੰਘ ਦੇ ਹਲਕੇ ਜਲੰਧਰ ਛਾਉਣੀ ਦੀ ਪ੍ਰਤਾਪਪੁਰਾ ਦਾਣਾ ਮੰਡੀ ਵਿਚ ਕੀਤੇ ਗਏ ਇਕੱਠ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਦੇ ਵਿਕਾਸ ਕਾਰਜਾਂ ਸਬੰਧੀ 200 ਕਰੋੜ ਰੁਪਏ ਦੀ ਲਾਗਤ ਤੋਂ ਵੱਧ ਵਾਲੇ ਪ੍ਰਾਜੈਕਟਾਂ ਦਾ ਐਲਾਨ ਕਰਦਿਆਂ ਕਿਹਾ ਕਿ 11.46 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਸਰਕਾਰੀ ਕੋ-ਐਜੂਕੇਸ਼ਨ ਕਾਲਜ ਬੂਟਾ ਮੰਡੀ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 2.71 ਕਰੋੜ ਰੁਪਏ ਦੀ ਲਾਗਤ ਨਾਲ ਬਸਤੀ ਦਾਨਸ਼ਮੰਦਾ ਵਿਖੇ ਸਤਿਗੁਰੂ ਕਬੀਰ ਭਵਨ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ। ਗੁਰੂ ਰਵਿਦਾਸ ਅਧਿਐਨ ਸੈਂਟਰ ਦੀ ਸਥਾਪਤੀ ਸਬੰਧੀ ਐਲਾਨ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪਿੰਡ ਬੱਲਾਂ ਵਿਚ 100 ਏਕੜ ਰਕਬੇ ’ਤੇ ਇਹ ਕੇਂਦਰ ਸਥਾਪਤ ਕੀਤਾ ਜਾਵੇਗਾ। ਇਸੇ ਤਰ੍ਹਾਂ ਪਟਿਆਲਾ ਵਿਚ ਸ਼੍ਰੀਮਦ ਭਗਵਤ ਗੀਤਾ ਅਧਿਐਨ ਕੇਂਦਰ ਦੀ ਸਥਾਪਤੀ ਦਾ ਵੀ ਐਲਾਨ ਕੀਤਾ। ਕਰਤਾਰਪੁਰ ਅਤੇ ਆਦਮਪੁਰ ਖੇਤਰਾਂ ਲਈ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੋਵਾਂ ਥਾਵਾਂ ਨੂੰ ਸਬ ਡਿਵੀਜ਼ਨ ਦਾ ਦਰਜਾ ਦਿੱਤਾ ਜਾ ਰਿਹਾ ਹੈ ਅਤੇ ਆਦਮਪੁਰ ਵਿਖੇ ਡਿਗਰੀ ਕਾਲਜ ਸਥਾਪਤ ਕਰਨ ਦੇ ਨਾਲ-ਨਾਲ ਬਾਬਾ ਸੈਣ ਜੀ ਅਤੇ ਬਾਬਾ ਨਾਮਦੇਵ ਜੀ ਦੀਆਂ ਚੇਅਰਾਂ ਵੀ ਸਥਾਪਤ ਕੀਤੀਆਂ ਜਾਣਗੀਆਂ।
ਕਾਂਗਰਸ ਦਾ ਦਲਿਤ-ਸਿੱਖ ਵਿਰੋਧੀ ਚਿਹਰਾ ਹੋਇਆ ਬੇਨਕਾਬ: ਗੜ੍ਹੀ
ਜਲੰਧਰ: ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਕਾਂਗਰਸ ਵੱਲੋਂ ਲਾਏ ਕਾਰਜਕਾਰੀ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਹਟਾਉਣ ਤੇ ਦੂਜਾ ਕਾਰਜਕਾਰੀ ਡੀਜੀਪੀ ਲਾਉਣ ਨਾਲ ਕਾਂਗਰਸ ਦਾ ਦਲਿਤ ਸਿੱਖ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸਹੋਤਾ ਨੂੰ ਪੰਜਾਬ ਦਾ ਡੀਜੀਪੀ ਲਗਾਇਆ ਗਿਆ ਸੀ, ਉਦੋਂ ਤੋਂ ਨਵਜੋਤ ਸਿੰਘ ਸਿੱਧੂ ਉਸ ਦਾ ਵਿਰੋਧ ਕਰ ਰਹੇ ਸਨ, ਜੋ ਉਨ੍ਹਾਂ ਦੀ ਜਾਤੀਵਾਦੀ ਮਾਨਸਿਕਤਾ ਦਾ ਪ੍ਰਗਟਾਵਾ ਹੈ। ਜਦਕਿ ਕਾਂਗਰਸ ਦੀ ਹਾਈਪਾਵਰ ਕਮੇਟੀ ਵੱਲੋਂ ਜਗਦੀਸ਼ ਟਾਈਟਲਰ ਦੀ ਨਿਯੁਕਤੀ ਕਰਨ ’ਤੇ ਸਿੱਧੂ ਵੱਲੋਂ ਕੁਝ ਵੀ ਨਾ ਬੋਲਣਾ ਉਸ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ। ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਡੀਜੀਪੀ ਨੂੰ ਹਟਾਉਣਾ ਸਿੱਧ ਕਰਦਾ ਹੈ ਕਿ ਮੁੱਖ ਮੰਤਰੀ ਹੁਕਮ ਦਾ ਗੁਲਾਮ ਹੈ ਤੇ ਦਲਿਤ ਸਮਾਜ ਨੂੰ ਗੁਮਰਾਹ ਕਰਨ ਲਈ ਬਸ ਇੱਕ ਚਿਹਰੇ ਨੂੰ ਮੁੱਖ ਮੰਤਰੀ ਬਣਾਇਆ ਗਿਆ ਹੈ।
ਮੁਆਵਜ਼ਾ ਲੈਣ ਲਈ ਮੁੱਖ ਮੰਤਰੀ ਤੋਂ ਸਮਾਂ ਮੰਗਿਆ
ਤਰਨ ਤਾਰਨ (ਪੱਤਰ ਪ੍ਰੇਰਕ): ਪੰਜਾਬ ਬਾਰਡਰ ਏਰੀਆ ਕਿਸਾਨ ਵੈਲਫੇਅਰ ਸੁਸਾਇਟੀ ਵਲੋਂ ਅੱਜ ਇਥੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ ਇਕ ਪੱਤਰ ਦੇ ਕੇ 19 ਦਸੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੱਟੀ ਆਉਣ ’ਤੇ ਉਨ੍ਹਾਂ ਨੂੰ ਮਿਲਣ ਲਈ ਸਮਾਂ ਲੈ ਕੇ ਦੇਣ ਦੀ ਮੰਗ ਕੀਤੀ ਹੈ| ਜਥੇਬੰਦੀ ਦੇ ਸੂਬਾ ਪ੍ਰਧਾਨ ਰਘਬੀਰ ਸਿੰਘ ਅਤੇ ਜਿਲ੍ਹਾ ਪ੍ਰਧਾਨ ਪਰਗਟ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਸਰਹੱਦੀ ਖੇਤਰ ਤੇ ਕੰਡਿਆਲੀ ਤਾਰ ਦੇ ਪਾਰਲੀ ਜ਼ਮੀਨ ਦੇ ਮਾਲਕ ਕਿਸਾਨਾਂ ਨੂੰ 1997 ਤੋਂ ਇਹ ਮੁਆਵਜ਼ਾ ਦਿੱਤਾ ਜਾਂਦਾ ਰਿਹਾ ਹੈ| ਜਥੇਬੰਦੀ ਨੇ ਕਿਹਾ ਕਿ ਉਨ੍ਹਾਂ ਨੂੰ 2018 ਤੋਂ ਲੈ ਕੇ ਅੱਜ ਤੱਕ ਚਾਰ ਸਾਲ ਦਾ ਮੁਆਵਜ਼ਾ ਨਹੀਂ ਦਿੱਤਾ ਜਾ ਸਕਿਆ| ਕਿਸਾਨ ਆਗੂਆਂ ਨੇ ਉਨ੍ਹਾਂ ਦਾ ਮਾਮਲਾ ਨਿਪਟਾਉਣ ਲਈ ਮੁੱਖ ਮੰਤਰੀ ਨਾਲ ਗੱਲਬਾਤ ਕਰਵਾਉਣ ਲਈ ਸਮਾਂ ਲੈ ਕੇ ਦੇਣ ਦੀ ਮੰਗ ਕੀਤੀ ਹੈ| ਆਗੂਆਂ ਨੇ ਚੋਣਾਂ ਦੌਰਾਨ ਕਾਂਗਰਸ ਤੇ ਭਾਜਪਾ ਦੀ ਵਿਰੋਧਤਾ ਕਰਨ ਦੀ ਚਿਤਾਵਨੀ ਦਿੱਤੀ ਹੈ|