ਕਰਤਾਰਪੁਰ ਵਿੱਚ ਕਾਂਗਰਸ ਦੀ ਧੜੇਬੰਦੀ ਖੁੱਲ੍ਹ ਕੇ ਸਾਹਮਣੇ ਆਈ
ਜਲੰਧਰ ਦਿਹਾਤੀ ਦੇ ਅਹਿਮ ਹਲਕਾ ਕਰਤਾਰਪੁਰ ਵਿੱਚ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਧੜਿਆਂ ਵਿੱਚ ਵੰਡੇ ਹੋਣ ਕਾਰਨ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਵੱਲੋਂ ਆਪਣੇ ਤੌਰ ’ਤੇ ਕੰਮ ਕਰਨ ਨਾਲ ਧੜੇਬੰਦੀ ਖੁੱਲ੍ਹ ਕੇ ਸਾਹਮਣੇ ਆ ਰਹੀ ਹੈ। ਵਿਰੋਧੀ ਪਾਰਟੀਆਂ ਇਸ ਦਾ ਲਾਹਾ ਲੈਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀਆਂ ਹਨ। ਇਸ ਅਹਿਮ ਖੇਤਰ ਵਿੱਚ ਤਿੰਨ ਪੀੜ੍ਹੀਆਂ ਤੋਂ ਸਿਆਸਤ ਕਰ ਕੇ ਸੂਬਾ ਸਰਕਾਰ ਵਿੱਚ ਕੈਬਨਿਟ ਮੰਤਰੀ, ਮੈਂਬਰ ਪਾਰਲੀਮੈਂਟ ਅਤੇ ਵਿਧਾਇਕ ਦੇ ਅਹੁਦਿਆਂ ਦਾ ਨਿੱਘ ਮਾਣ ਚੁੱਕੇ ਚੌਧਰੀ ਪਰਿਵਾਰ ਨੂੰ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਦਰ ਕਿਨਾਰਾ ਕਰਕੇ ਰੱਖਿਆ ਹੋਇਆ ਹੈ। ਹਲਕੇ ਦੇ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਇੱਕ ਸਮੇਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਰਤਾਰਪੁਰ ਫੇਰੀ ਮੌਕੇ ਕਾਂਗਰਸ ਦਾ ਹੱਥ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਆਪਣੀ ਹਾਜ਼ਰੀ ਲਗਵਾਈ ਸੀ। ਇਸ ਉਪਰੰਤ ਕਾਂਗਰਸ ਦੇ ਸੀਨੀਅਰ ਨੇਤਾਵਾਂ ਨੇ ਨੋਟਿਸ ਲੈਂਦਿਆਂ ਚੌਧਰੀ ਸੁਰਿੰਦਰ ਤੱਕ ਪਹੁੰਚ ਕਰਕੇ ਅਜਿਹਾ ਕਰਨ ਤੋਂ ਵਰਜਿਤ ਕੀਤਾ ਸੀ। ਹਲਕੇ ਵਿੱਚ ਕਾਂਗਰਸ ਲਈ ਅਜਿਹਾ ਸਮਾਂ ਵੀ ਆਇਆ ਕਿ ਤਿੰਨ ਪੀੜ੍ਹੀਆਂ ਤੋਂ ਕਾਂਗਰਸ ਦੀ ਸਿਆਸਤ ਵਿੱਚ ਅਹਿਮ ਕੱਦ ਮੰਨੇ ਜਾਂਦੇ ਪਰਿਵਾਰ ਦਾ ਕਦ ਮਨਫੀ ਹੋ ਗਿਆ ਹੈ। ਇਸ ਕਾਰਨ ਕਾਂਗਰਸ ਹਾਈਕਮਾਂਡ ਨੇ ਹਲਕਾ ਕਰਤਾਰਪੁਰ ਵਿੱਚ ਸਾਬਕਾ ਪੁਲੀਸ ਅਧਿਕਾਰੀ ਰਾਜਿੰਦਰ ਸਿੰਘ ਨੂੰ ਹਲਕਾ ਇੰਚਾਰਜ ਲਗਾ ਦਿੱਤਾ ਹੈ। ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਵਿੱਚ ਹਲਕਾ ਇੰਚਾਰਜ ਆਪਣੀ ਸਿਆਸੀ ਪਕੜ ਮਜ਼ਬੂਤ ਕਰਦਿਆਂ ਉਮੀਦਵਾਰਾਂ ਦੇ ਹੱਕ ਵਿੱਚ ਪਿੰਡਾਂ ਵਿੱਚ ਜਨ ਸਭਾ ਕਰਕੇ ਲੋਕਾਂ ਨੂੰ ਕਾਂਗਰਸ ਪ੍ਰਤੀ ਉਤਸ਼ਾਹਿਤ ਕਰ ਰਹੇ ਹਨ।
ਇਸ ਦੇ ਉਲਟ ਸਾਬਕਾ ਵਿਧਾਇਕ ਹਾਲੇ ਤੱਕ ਸਿਆਸੀ ਪਿੜ ਵਿੱਚ ਖੁੱਲ੍ਹ ਕੇ ਸਾਹਮਣੇ ਨਹੀਂ ਆਏ। ਇਸ ਸਬੰਧੀ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਨੇ ਹਲਕੇ ਵਿੱਚ ਧੜੇਬੰਦੀ ਖਤਮ ਕਰਨ ਲਈ ਕੋਈ ਠੋਸ ਉਪਰਾਲੇ ਨਹੀਂ ਕੀਤੇ ਸਗੋਂ ਹਲਕਾ ਇੰਚਾਰਜ ਲਗਾ ਦਿੱਤਾ ਸੀ। ਇਸ ਸਬੰਧੀ ਹਲਕਾ ਇੰਚਾਰਜ ਰਾਜਿੰਦਰ ਸਿੰਘ ਨੇ ਕਿਹਾ ਕਿ ਹਲਕੇ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਡਟ ਕੇ ਪ੍ਰਚਾਰ ਕਰ ਰਹੇ ਹਨ ਅਤੇ ਹਲਕੇ ਵਿੱਚ ਕਾਂਗਰਸ ਦੀ ਸਥਿਤੀ ਦਿਨ ਪ੍ਰਤੀ ਦਿਨ ਮਜ਼ਬੂਤ ਹੁੰਦੀ ਜਾ ਰਹੀ ਹੈ।
