ਕਾਂਗਰਸ ਵੱਲੋਂ ਸਰਕਾਰ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਧਰਨਾ
ਪ੍ਰਸ਼ਾਸਨ ਵੱਲੋਂ ਮਸਲੇ ਦੇ ਹੱਲ ਦੇ ਭਰੋਸੇ ਮਗਰੋਂ ਧਰਨਾ ਸਮਾਪਤ
Advertisement
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨਕੋਦਰ ਵੱਲੋਂ ਅੱਜ ਸਰਕਾਰ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਡੀ.ਐੱਸ.ਪੀ. ਦਫਤਰ ਵਿੱਚ ਧਰਨਾ ਲਗਾਇਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾਈ ਬੁਲਾਰੇ ਡਾ. ਨਵਜੋਤ ਸਿੰਘ ਦਾਹੀਆ ਨੇ ਕਿਹਾ ਕਿ ‘ਆਪ’ ਦੀ ਭਗਵੰਤ ਮਾਨ ਸਰਕਾਰ ਆਪਣੇ ਵਿਰੋਧੀਆਂ ਉੱਪਰ ਨਾਜਾਇਜ਼ ਝੂਠੇ ਮੁਕੱਦਮੇ ਦਰਜ ਕਰਵਾ ਕੇ ਆਪਣੇ ਵੱਲੋਂ ਕੀਤੇ ਬਦਲਾਅ ਦੇ ਨਾਅਰੇ ਨੂੰ ਅਮਲੀ ਜਾਮਾ ਪਹਿਨਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਨਕੋਦਰ ਦਾ ਸਿਵਲ ਤੇ ਪੁਲੀਸ ਪ੍ਰਸ਼ਾਸਨ ਨਕੋਦਰ ਦੀ ਵਿਧਾਇਕਾ ਦੇ ਇਸ਼ਾਰਿਆਂ ’ਤੇ ਕਾਂਗਰਸੀ ਵਰਕਰਾਂ ਅਤੇ ਲੋਕਾਂ ਨਾਲ ਧੱਕੇਸ਼ਾਹੀਆਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਦਿੱਲੀ ਵਾਲਿਆਂ ਦੇ ਹੁਕਮਾਂ ’ਤੇ ਚੱਲਦੀ ਹੋਵੇ, ਉਹ ਪੰਜਾਬ ਦਾ ਭਲਾ ਕਿਵੇਂ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਧੱਕੇਸ਼ਾਹੀਆਂ ਕਰਨ ਵਾਲੇ ਅਧਿਕਾਰੀਆਂ ਕੋਲੋਂ ਕਾਂਗਰਸ ਦੀ ਸਰਕਾਰ ਆਉਣ ’ਤੇ ਹਿਸਾਬ ਲਿਆ ਜਾਵੇਗਾ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਧੱਕੇਸ਼ਾਹੀਆਂ ਤੋਂ ਡਰਨ ਦੀ ਬਜਾਏ ਇਕਜੁੱਟਤਾ ਨਾਲ ਇਸ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ। ਇਸ ਮੌਕੇ ਹੈਪੀ ਸੰਧੂ, ਤਰਲੋਚਨ ਸਿੰਘ ਸੰਘਾ, ਮੁਖਤਿਆਰ ਸਿੰਘ ਹੇਅਰ, ਬਲਜੀਤ ਸਿੰਘ ਜੌਹਲ, ਜਗਜੀਤ ਸਿੰਘ ਰੰਧਾਵਾ ਤੇ ਨਵਨੀਤ ਨੀਤਾ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ। ਐੱਸ.ਡੀ.ਐੱਮ. ਨਕੋਦਰ ਅਤੇ ਡੀ.ਐੱਸ.ਪੀ. ਨਕੋਦਰ ਨੇ ਧਰਨਾਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਵੱਲੋਂ ਉਠਾਈਆਂ ਮੰਗਾਂ ਨੂੰ 2 ਦਿਨਾਂ ਦੇ ਅੰਦਰ-ਅੰਦਰ ਪੂਰਾ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਧਰਨਾਕਾਰੀਆਂ ਨੇ ਧਰਨਾ ਸਮਾਪਤ ਕਰ ਦਿੱਤਾ।
Advertisement
Advertisement