ਤੇਲ ਕੀਮਤਾਂ ਦੇ ਵਾਧੇ ਖ਼ਿਲਾਫ਼ ਕਾਂਗਰਸ ਦੇ ਮੁਜ਼ਾਹਰੇ
ਕੇਂਦਰ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਤੇ ਹੋਰ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਵਿੱਚ ਲਗਾਤਾਰ ਕੀਤੇ ਜਾ ਰਹੇ ਵਾਧੇ ਖ਼ਿਲਾਫ਼ ਕਾਂਗਰਸ ਪਾਰਟੀ ਵੱਲੋਂ ਮੁਜ਼ਾਹਰਾ ਕਰਦਿਆਂ ‘ਗੱਡਾ ਮਾਰਚ’ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਖੱਚਰਾਂ ਵਾਲੇ ਗੱਡਿਆਂ ਅਤੇ ਸਾਈਕਲਾਂ ’ਤੇ...
ਕੇਂਦਰ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਤੇ ਹੋਰ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਵਿੱਚ ਲਗਾਤਾਰ ਕੀਤੇ ਜਾ ਰਹੇ ਵਾਧੇ ਖ਼ਿਲਾਫ਼ ਕਾਂਗਰਸ ਪਾਰਟੀ ਵੱਲੋਂ ਮੁਜ਼ਾਹਰਾ ਕਰਦਿਆਂ ‘ਗੱਡਾ ਮਾਰਚ’ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਖੱਚਰਾਂ ਵਾਲੇ ਗੱਡਿਆਂ ਅਤੇ ਸਾਈਕਲਾਂ ’ਤੇ ਸਵਾਰ ਹੋ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਵਾਇਆ ਤੇ ‘ਮੋਦੀ ਸਰਕਾਰ ਮੁਰਦਾਬਾਦ’ ਦੇ ਨਾਅਰੇ ਲਗਾਏ ਗਏ। ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸਮੂਹ ਕਾਂਗਰਸ ਵਰਕਰ ਰੈਸਟ ਹਾਊਸ ਜੀ ਟੀ ਰੋਡ ਫਗਵਾੜਾ ਵਿੱਚ ਇਕੱਤਰ ਹੋਏ। ਉੱਥੋਂ ਇਹ ਰੋਸ ਮਾਰਚ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਬੱਸ ਸਟੈਂਡ ਫਗਵਾੜਾ ਤੱਕ ਪਹੁੰਚਿਆ। ਪ੍ਰਦਰਸ਼ਨ ਦੌਰਾਨ ਵਰਕਰਾਂ ਨੇ ਹੱਥਾਂ ਵਿੱਚ ਤਖ਼ਤੀਆਂ ਤੇ ਬੈਨਰ ਫੜ ਕੇ ਕੇਂਦਰ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਭਾਜਪਾ ਸਰਕਾਰ ਦੀਆਂ ਗ਼ਲਤ ਆਰਥਿਕ ਨੀਤੀਆਂ ਕਾਰਨ ਆਮ ਲੋਕਾਂ ਦਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਦੇਸ਼ ਵਿੱਚ ਬੇਰੁਜ਼ਗਾਰੀ ਤੇ ਮਹਿੰਗਾਈ ਸਿਖ਼ਰ ’ਤੇ ਹੈ, ਦੂਜੇ ਪਾਸੇ ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਹਰ ਵਰਗ ਦਾ ਲੱਕ ਤੋੜ ਦਿੱਤਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਵਿੱਚ ਲੱਗੀ ਹੋਈ ਹੈ ਜਦਕਿ ਆਮ ਜਨਤਾ ਮਹਿੰਗਾਈ ਦੀ ਮਾਰ ਹੇਠ ਪਿਸ ਰਹੀ ਹੈ। ਧਾਲੀਵਾਲ ਨੇ ਕਿਹਾ ਕਿ ਪੱਛਮੀ ਬੰਗਾਲ ਚੋਣਾਂ ਦੌਰਾਨ ਖ਼ੁਦ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਭਾਰਤ ਵਿੱਚ ਤੇਲ ਦੀਆਂ ਕੀਮਤਾਂ ਨਹੀਂ ਵਧਣਗੀਆਂ, ਜਿਸ ਤੋਂ ਸਾਫ਼ ਹੈ ਕਿ ਕੇਂਦਰ ਸਰਕਾਰ ਲੋਕ ਹਿੱਤ ਵਿੱਚ ਨਹੀਂ ਸਗੋਂ ਰਾਜਨੀਤਿਕ ਫ਼ਾਇਦੇ ਦੇ ਆਧਾਰ ’ਤੇ ਫ਼ੈਸਲੇ ਲੈਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਕਾਰਨ ਘਰੇਲੂ ਰਸੋਈ ਦਾ ਬਜਟ ਪੂਰੀ ਤਰ੍ਹਾਂ ਵਿਗੜ ਚੁੱਕਾ ਹੈ ਅਤੇ ਆਮ ਆਦਮੀ ਲਈ ਦੋ ਵਕਤ ਦੀ ਰੋਟੀ ਕਮਾਉਣਾ ਵੀ ਔਖਾ ਹੋ ਗਿਆ ਹੈ। ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਲਈ ਹਮੇਸ਼ਾ ਸੜਕਾਂ ’ਤੇ ਸੰਘਰਸ਼ ਕਰਦੀ ਰਹੇਗੀ ਅਤੇ ਜਦੋਂ ਤੱਕ ਕੇਂਦਰ ਸਰਕਾਰ ਮਹਿੰਗਾਈ ’ਤੇ ਕਾਬੂ ਨਹੀਂ ਪਾਉਂਦੀ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ, ਵਰਕਰ ਅਤੇ ਸਮਰਥਕ ਹਾਜ਼ਰ ਸਨ।
ਸੁਲਤਾਨਪੁਰ ਲੋਧੀ (ਦੀਪਕ ਧੀਰ): ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਖ਼ਿਲਾਫ਼ ਅੱਜ ਸੁਲਤਾਨਪੁਰ ਲੋਧੀ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਕਾਂਗਰਸ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸੁਲਤਾਨਪੁਰ ਲੋਧੀ ਤੋਂ ਸਾਬਕਾ ਵਿਧਾਇਕ ਸਰਦਾਰ ਨਵਤੇਜ ਸਿੰਘ ਚੀਮਾ ਨੇ ਕੀਤੀ, ਜਦਕਿ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ, ਵਰਕਰ ਅਤੇ ਸਮਰਥਕ ਮੌਜੂਦ ਸਨ। ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਦੇਸ਼ ਦੀ ਆਮ ਜਨਤਾ ਮਹਿੰਗਾਈ ਦੀ ਚੱਕੀ ਵਿੱਚ ਪੀਸੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬੇਤਹਾਸਾ ਵਾਧੇ ਨੇ ਆਮ ਲੋਕਾਂ ਦਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕੇਂਦਰ ਸਰਕਾਰ ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅੱਜ ਦੇਸ਼ ਦਾ ਹਰ ਵਰਗ ਮਹਿੰਗਾਈ ਤੋਂ ਤੰਗ ਆ ਚੁੱਕਾ ਹੈ, ਪਰ ਕੇਂਦਰ ਸਰਕਾਰ ਨੂੰ ਲੋਕਾਂ ਦੀ ਕੋਈ ਚਿੰਤਾ ਨਹੀਂ। ਇਸ ਮੌਕੇ ਰਮੇਸ਼ ਸਿੰਘ, ਗੁਰਪ੍ਰੀਤ ਸਿੰਘ, ਨਰਿੰਦਰ ਸਿੰਘ ਆਦਿ ਹਾਜ਼ਰ ਸਨ।

