ਕਾਂਗਰਸ ਪਾਰਟੀ ਵੱਲੋਂ ਸੰਗਰੂਰ ਦੇ ਤੂਰਬੰਜਾਰਾ ਪਿੰਡ ਦੇ ਦਲਿਤ ਵਿਅਕਤੀ ਗੁਲਜ਼ਾਰ ਸਿੰਘ ਦੇ ਕਥਿਤ ਖ਼ੁਦਕੁਸ਼ੀ ਮਾਮਲੇ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਬਰਖ਼ਾਸਤਗੀ ਕਰ ਕੇ ਉਨ੍ਹਾਂ ਨੂੰ ਐੱਫ ਆਈ ਆਰ ਵਿੱਚ ਨਾਮਜ਼ਦ ਕਰਵਾਉਣ ਦੀ ਮੰਗ ਲਈ ਅੱਜ ਇੱਥੇ ਜ਼ਿਲ੍ਹਾ ਪ੍ਰਧਾਨ ਪੰਨਾ ਲਾਲ ਭਾਟੀਆ ਦੀ ਅਗਵਾਈ ਵਿੱਚ ਐੱਸ ਐੱਸ ਪੀ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਹਰਪਾਲ ਚੀਮਾ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ ਅਤੇ ਡੀ ਜੀ ਪੀ ਦੇ ਨਾਂ ’ਤੇ ਜ਼ਿਲ੍ਹਾ ਪੁਲੀਸ ਮੁਖੀ ਮਨਪ੍ਰੀਤ ਸਿੰਘ ਨੂੰ ਮੰਗ ਪੱਤਰ ਦਿੱਤਾ। ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ, ਸੀਨੀਅਰ ਕਾਂਗਰਸੀ ਆਗੂ ਅਸ਼ੀਸ਼ ਵਿੱਜ, ਹਰਸ਼ ਸ਼ਰਮਾ, ਚਰਨਜੀਤ ਹੈਪੀ, ਗੌਰਵ ਵਡੈਹਰਾ, ਸੰਜੀਵ ਮਹਾਜਨ ਉਰਫ ਬੰਟੀ ਆਦਿ ਆਗੂਆਂ ਨੇ ਇਸ ਮੌਕੇ ਸੰਬੋਧਨ ਕੀਤਾ।
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਮੁੱਦੇ ਤੇ ਪੂਰਨ ਰੂਪ ਵਿੱਚ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਜੇ ਕੋਈ ਨਸ਼ਿਆਂ ਬਾਰੇ ਸਵਾਲ ਕਰਦਾ ਹੈ ਤਾਂ ਉਸ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਹੈ; ਗੁਲਜ਼ਾਰ ਸਿੰਘ ਨੂੰ ਵੀ ਕਥਿਤ ਤੌਰ ’ਤੇ ਤਸ਼ਦਦ ਦਾ ਸਾਹਮਣਾ ਕਰਨਾ ਪਿਆ, ਜਿਸ ਕਰ ਕੇ ਉਸ ਨੇ ਖੁਦਕੁਸ਼ੀ ਦਾ ਰਾਹ ਚੁਣਿਆ। ਉਨ੍ਹਾਂ ਐਲਾਨ ਕੀਤਾ ਕਿ ਜਦ ਤੱਕ ਹਰਪਾਲ ਸਿੰਘ ਚੀਮਾ ਦਾ ਨਾਂ ਐੱਫ ਆਈ ਆਰ ਵਿੱਚ ਦਰਜ ਨਹੀਂ ਕੀਤਾ ਜਾਂਦਾ ਤਦ ਤੱਕ ਕਾਂਗਰਸ ਪਾਰਟੀ ਚੁੱਪ ਕਰ ਕੇ ਨਹੀਂ ਬੈਠੇਗੀ।

