ਧਿਆਨ ਸਿੰਘ ਭਗਤ
ਕਪੂਰਥਲਾ, 19 ਸਤੰਬਰ
ਕਪੂਰਥਲਾ ਤੋਂ ਸੀਨੀਅਰ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ‘ਕਾਂਗਰਸ ਪਾਰਟੀ ਪੰਜਾਬ ਦੇ ਕਿਸਾਨਾਂ ਦੇ ਹੱਕਾਂ ਲਈ ਹਰ ਲੜਾਈ ਲੜੇਗੀ ਤੇ ਇਸ ਲਈ ਉਹ ਕੋਈ ਵੀ ਕੁਰਬਾਨੀ ਲਈ ਤਿਆਰ ਹਨ। ਉਹ ਇੱਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਕਿਸਾਨਾਂ ਦੀ ਹਾਜ਼ਰੀ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਰਚੁਅਲ ਕਿਸਾਨ ਮੇਲੇ ਦੀ ਸ਼ੁਰੂਆਤ ਤੋਂ ਬਾਅਦ ਗੱਲਬਾਤ ਕਰ ਰਹੇ ਸਨ।
ਰਾਣਾ ਗੁਰਜੀਤ ਸਿੰਘ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਭਾਜਪਾ ਤੇ ਅਕਾਲੀ ਦਲ ਵੱਲੋਂ ਲਾਗੂ ਕੀਤੇ ਤਿੰਨਾਂ ਕਾਲੇ ਕਾਨੂੰਨਾਂ ਦਾ ਵਿਰੋਧ ਕਰਨ ਅਤੇ ਕਾਂਗਰਸ ਪਾਰਟੀ ਉਨ੍ਹਾਂ ਦੀ ਹਰ ਲੜਾਈ ਵਿਚ ਮੋਹਰੇ ਹੋ ਕੇ ਲੜੇਗੀ।
ਬਲਾਚੌਰ (ਗੁਰਦੇਵ ਸਿੰਘ ਗਹੂੰਣ): ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਚੌਰ ਵੱਲੋਂ ਤਹਿਸੀਲ ਪੱਧਰੀ ਵਰਚੁਅਲ ਕਿਸਾਨ ਮੇਲਾ ਐੱਮ.ਆਰ. ਸਿਟੀ ਸਕੂਲ, ਬਲਾਚੌਰ ਵਿਚ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਅਤੇ ਐੱਸਡੀਐੱਮ ਬਲਾਚੌਰ ਦੀਪਕ ਰੁਹੇਲਾ ਦੀ ਅਗਵਾਈ ਹੇਠ ਕੀਤਾ ਗਿਆ। ਵਿਧਾਇਕ ਮੰਗੂਪੁਰ ਨੇ ਕਿਹਾ ਕਿ ਕਿਸਾਨ ਮੇਲੇ ਕਿਸਾਨਾਂ ਲਈ ਵਰਦਾਨ ਸਾਬਿਤ ਹੋਣਗੇ। ਊਨ੍ਹਾਂ ਨੇ ਖੇਤੀ ਸਬੰਧੀ ਕਿਤਾਬਚਾ ਵੀ ਜਾਰੀ ਕੀਤਾ।