ਲੋਕਾਂ ਦੀ ਹਰ ਮਦਦ ਕਰੇਗੀ ਕਾਂਗਰਸ: ਰਾਜਾ ਵੜਿੰਗ
ਕਾਂਗਰਸ ਵਲੋਂ ਹੜ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਫੰਡ ਇਕੱਤਰ ਕਰਨ ਅਤੇ ਲੋਕਾਂ ਨੂੰ ਲੋੜੀਂਦਾ ਸਮਾਨ ਮੁਹੱਈਆ ਕਰਾਉਣ ਲਈ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਅਰੁਣ ਕੁਮਾਰ ਮਿੱਕੀ ਡੋਗਰਾ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸ਼ਿਰਕਤ ਕੀਤੀ।
ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਹੜ੍ਹ ਪੀੜਤਾਂ ਦੀ ਮੱਦਦ ਲਈ ਫੰਡ ਇਕੱਤਰ ਕੀਤੇ ਜਾ ਰਹੇ ਹਨ। ਹੁਸ਼ਿਆਰਪੁਰ ਦੇ ਕਾਂਗਰਸੀਆਂ ਵੱਲੋਂ 25 ਲੱਖ ਦੀ ਰਾਸ਼ੀ ਇਕੱਤਰ ਕੀਤੀ ਗਈ ਹੈ ਅਤੇ ਸੰਸਦ ਮੈਂਬਰ ਅਮਰ ਸਿੰਘ ਵੱਲੋਂ ਵੀ 25 ਲੱਖ ਦੀ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਾਹੁਲ ਗਾਂਧੀ ਵੱਲੋਂ ਸੂਬੇ ਦੇ ਕਾਂਗਰਸੀਆਂ ਨੂੰ ਹੜ੍ਹ ਪੀੜਤਾਂ ਦੀ ਮੱਦਦ ਲਈ ਜੁਟ ਜਾਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ ਅਤੇ ਸੂਬੇ ਅੰਦਰ ਜਾਇਜ਼ਾ ਲੈਣ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਪੰਜਾਬ ਦੌਰੇ ’ਤੇ ਆ ਰਹੇ ਹਨ। ਸ੍ਰੀ ਰਾਜਾ ਵੜਿੰਗ ਨੇ ਕਿਹਾ ਕਿ ਮਾਲੀ ਨੁਕਸਾਨ ਲਈ ਕਾਂਗਰਸ ਵੱਲੋਂ ਹਰ ਸਹਾਇਤਾ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੀ ਮੱਦਦ ਲਈ ਰਾਹਤ ਕੋ-ਆਰਡੀਨੇਸ਼ਨ ਕਮੇਟੀ ਬਣਾਈ ਗਈ ਹੈ, ਜਿਹੜੀ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀ ਮੱਦਦ ਕਰੇਗੀ। ਮੀਟਿੰਗ ਵਿੱਚ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਸਾਬਕਾ ਵਿਧਾਇਕਾ ਇੰਦੂ ਬਾਲਾ, ਯਾਮਿਨੀ ਗੋਮਰ, ਸਰਬਜੋਤ ਸਿੰਘ ਸਾਬੀ, ਡਾ. ਕੁਲਦੀਪ ਨੰਦਾ ਹਾਜ਼ਰ ਸਨ।