ਲੋਕਾਂ ਦੀ ਸਹੂਲਤ ਤੇ ਸੁਰੱਖਿਆ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ: ਭਗਤ
ਹਤਿੰਦਰ ਮਹਿਤਾ
ਜਲੰਧਰ, 30 ਜੂਨ
ਮੌਨਸੂਨ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਅਤੇ ਲੋਕਾਂ ਦੀ ਸੁਰੱਖਿਆ ਲਈ ਕਈ ਹਦਾਇਤਾਂ ਕੀਤੀਆਂ।
ਕੈਬਨਿਟ ਮੰਤਰੀ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਜਲੰਧਰ ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਸਮੇਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੀਐੱਸਪੀਸੀਐੱਲ ਦੇ ਅਧਿਕਾਰੀਆਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਇਸ ਦੇ ਨਾਲ ਬਿਜਲੀ ਮੀਟਰਾਂ ਦੇ ਖੁੱਲ੍ਹੇ ਪਏ ਬਕਸਿਆਂ ਨੂੰ ਬੰਦ ਕਰਨ ਅਤੇ ਉਨ੍ਹਾਂ ਨੂੰ ਢੁੱਕਵੀਂ ਉਚਾਈ ’ਤੇ ਲਗਾਉਣ ਦੀ ਹਦਾਇਤ ਕੀਤੀ ਗਈ।
ਕੈਬਨਿਟ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਾਂ ਦੀ ਸਹੂਲਤ ਅਤੇ ਸੁਰੱਖਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਲੰਧਰ ਵਾਸੀਆਂ ਦੀਆਂ ਬਿਜਲੀ ਸਬੰਧੀ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕੈਬਨਿਟ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਿੱਚੋਂ ਲਟਕਦੀਆਂ ਢਿੱਲੀਆਂ, ਗੈਰ-ਵਰਤੋਂਯੋਗ ਅਤੇ ਖ਼ਰਾਬ ਤਾਰਾਂ ਹਟਾਉਣ ਲਈ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਪੀਐੱਸਪੀਸੀਐੱਲ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜਲੰਧਰ ਵਾਸੀਆਂ ਨੂੰ ਬਿਜਲੀ ਸਬੰਧੀ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਉਨ੍ਹਾਂ ਪੀਐੱਸਪੀਸੀਐੱਲ ਨੂੰ ਆਪਣੇ ਵਿਭਾਗ ਦੇ ਹੈਲਪਲਾਈਨ ਨੰਬਰ ਦਾ ਵੱਧ ਤੋਂ ਵੱਧ ਪ੍ਰਚਾਰ ਤੇ ਪ੍ਰਸਾਰ ਕਰਨ ਲਈ ਵੀ ਕਿਹਾ ਅਤੇ ਹਦਾਇਤ ਕੀਤੀ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੱਤ ਹੱਲ ਕੀਤਾ ਜਾਵੇ। ਮੀਟਿੰਗ ਵਿੱਚ ਹਲਕਾ ਇੰਚਾਰਜ ਜਲੰਧਰ ਕੇਂਦਰੀ ਨਿਤਿਨ ਕੋਹਲੀ, ਆਪ ਆਗੂ ਦਿਨੇਸ਼ ਢੱਲ, ਡਿਪਟੀ ਚੀਫ਼ ਇੰਜੀਨੀਅਰ ਓਪਰੇਸ਼ਨ ਸਰਕਲ ਜਲੰਧਰ ਇੰਜ. ਗੁਲਸ਼ਨ ਕੁਮਾਰ ਚੁਟਾਨੀ ਸਮੇਤ ਪੀਐੱਸਪੀਸੀਐੱਲ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।