ਨਿੱਜੀ ਪੱਤਰ ਪ੍ਰੇਰਕ
ਜਲੰਧਰ, 16 ਅਕਤੂਬਰ
ਜ਼ਿਲ੍ਹੇ ਵਿੱਚ ਕਰੋਨਾ ਨਾਲ ਅੱਜ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ ਤੇ 60 ਜਣਿਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 451 ਹੋ ਗਈ ਹੈ ਅਤੇ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 14,291 ਹੋ ਗਿਆ ਹੈ।
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਕਰੋਨਾ ਦੇ ਚਲਦਿਆਂ ਅੱਜ ਜ਼ਿਲ੍ਹੇ ਵਿੱਚ ਦੋ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ ਅੱਜ 40 ਕਰੋਨਾ ਪਾਜ਼ੇਟਿਵ ਕੇਸ ਆਏ ਹਨ। ਸਿਹਤ ਵਿਭਾਗ ਤੋਂ ਪ੍ਰਾਪਤ ਵੇਰਵਿਆਂ ਮੁਤਾਬਕ ਅੱਜ ਕਰੋਨਾ ਕਾਰਨ 20 ਸਾਲਾ ਕਿਰਨਦੀਪ ਕੌਰ ਵਾਸੀ ਸੁੰਦਰ ਨਗਰ, ਕੋਟ ਖਾਲਸਾ ਅਤੇ ਲਹੋਰੀ ਗੇਟ ਵਾਸੀ 64 ਸਾਲਾ ਵਿਅਕਤੀ ਦੀ ਮੌਤ ਹੋਈ ਹੈ। ਜ਼ਿਲ੍ਹੇ ਵਿਚ ਕਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 428 ਹੋ ਗਈ। ਅੱਜ ਨਵੇਂ ਆਏ 40 ਕਰੋਨਾ ਪਾਜ਼ੇਟਿਵ ਕੇਸਾਂ ਕਾਰਨ ਜ਼ਿਲ੍ਹੇ ਵਿਚ ਕੁਲ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 11,366 ਹੋ ਗਈ ਹੈ। ਇਸ ਵੇਲੇ 469 ਜ਼ੇਰੇ ਇਲਾਜ ਹਨ। ਇਸ ਦੌਰਾਨ ਅੱਜ 99 ਵਿਅਕਤੀ ਕਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤੇ ਹਨ।
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਹੁਸ਼ਿਆਰਪੁਰ ’ਚ ਅੱਜ 91 ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਦੋਂਕਿ ਦੋ ਮਰੀਜ਼ਾਂ ਦੀ ਮੌਤ ਹੋ ਗਈ। ਸਿਵਲ ਸਰਜਨ ਡਾ. ਜਸਬੀਰ ਸਿਘ ਨੇ ਦੱਸਿਆ ਕਿ ਜ਼ਿਲ੍ਹੇ ’ਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 5318 ਹੋ ਗਈ ਹੈ, 192 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ 377 ਕੇਸ ਐਕਟਿਵ ਹਨ ਜਦੋਂਕਿ 4749 ਮਰੀਜ਼ ਤੰਦਰੁਸਤ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ।