ਹਰਪ੍ਰੀਤ ਕੌਰ
ਹੁਸ਼ਿਆਰਪੁਰ, 9 ਜੁਲਾਈ
ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਇੱਕ ਨਵੀਂ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸ ਮੁਹਿੰਮ ਤਹਿਤ ਪਿੰਡ ਪੱਧਰ ’ਤੇ ਕਰੋਨਾ ਫ਼ਰੰਟ ਲਾਈਨ ’ਤੇ ਕੰਮ ਕਰ ਰਹੇ ਵਾਲੰਟੀਅਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ। ਅੱਜ ਉਨ੍ਹਾਂ ਨੇ ਹਲਕਾ ਚੱਬੇਵਾਲ ਅਧੀਨ ਆਉਂਦੇ ਪਿੰਡਾਂ ਦੇ ਲਗਪਗ 300 ਕਰੋਨਾ ਯੋਧਿਆਂ ਨੂੰ ਸਨਮਾਨ ਪੱਤਰ ਭੇਟ ਕੀਤੇ। ਡਾ. ਰਾਜ ਨੇ ਕਿਹਾ ਕਿ ਦੇਸ਼ ਤੇ ਪੰਜਾਬ ਵਿੱਚ ਅਜੇ ਵੀ ਕਰੋਨਾ ਦਾ ਕਹਿਰ ਜਾਰੀ ਹੈ ਅਤੇ ਅਨਲੌਕਡਾਊਨ 2.0 ਦੇ ਦੌਰਾਨ ਵੀ ਇਨ੍ਹਾਂ ਯੋਧਿਆਂ ਜਿਵੇਂ ਆਂਗਣਵਾੜੀ ਵਰਕਰਾਂ, ਸਫ਼ਾਈ ਕਰਮਚਾਰੀਆਂ, ਸਰਪੰਚਾਂ, ਪੰਚਾਂ ਵੱਲੋਂ ਆਪਣੇ ਪਿੰਡਾਂ ਵਿੱਚ ਕਰੋਨਾ ਬਾਰੇ ਜਾਣਕਾਰੀ ਪੈਦਾ ਕਰਕੇ ਕਰੋਨਾ ਨੂੰ ਕੰਟਰੋਲ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਡਾ. ਰਾਜ ਨੇ ਕਿਹਾ ਕਿ ਸਾਰਿਆਂ ਨੂੰ ਪੂਰੀ ਸਾਵਧਾਨੀ ਵਰਤ ਕੇ ਆਪਣੇ ਪਰਿਵਾਰ ਅਤੇ ਸਮਾਜ ਨੂੰ ਸੁਰੱਖਿਅਤ ਰੱਖਣਾ ਚਾਹੀਦਾ ਹੈ। ਇਸ ਦੌਰਾਨ ਡਾ. ਰਾਜ ਨੇ ਪਿੰਡਾਂ ਦੇ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੀ ਵੰਡਿਆ।