ਪੱਤਰ ਪ੍ਰੇਰਕ
ਹੁਸ਼ਿਆਰਪੁਰ, 6 ਜੁਲਾਈ
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ ਕਾਰਨ ਜਿਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਦੀ ਮੌਤ ਹੋ ਗਈ ਹੈ, ਉਨ੍ਹਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਦੇਣ ਵਿਚ ਕਿਸੇ ਕਿਸਮ ਦੀ ਦੇਰੀ ਨਾ ਕੀਤੀ ਜਾਵੇ ਅਤੇ ਇਨ੍ਹਾਂ ਦੀ ਪਛਾਣ ਕਰਕੇ ਜਲਦੀ ਤੋਂ ਜਲਦੀ ਸਕੀਮਾਂ ਦਾ ਲਾਭ ਦੇਣਾ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਬੱਚਿਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦੇਣ ਸਮੇਂ ਨਾ ਤਾਂ ਉਨ੍ਹਾਂ ਦੀ ਆਰਥਿਕ ਹਾਲਤ ’ਤੇ ਗੌਰ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਇਸ ਤਰ੍ਹਾਂ ਦੇ ਮਾਮਲਿਆਂ ਵਿੱਚ 44 ਪਰਿਵਾਰਾਂ ਦੇ 74 ਬੱਚਿਆਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਜਿਨ੍ਹਾਂ ਵਿਚੋਂ 34 ਪਰਿਵਾਰਾਂ ਦੇ 57 ਬੱਚਿਆਂ ਨੂੰ ਸਿਹਤ ਵਿਭਾਗ ਵਲੋਂ ਵੈਰੀਫਾਈ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਵਿਚ 18 ਬੱਚਿਆਂ ਦੀ ਪੈਨਸ਼ਨ ਮਨਜ਼ੂਰ ਕਰਕੇ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਬੱਚਿਆਂ ਦੀ ਪੈਨਸ਼ਨ ਪ੍ਰਕਿਰਿਆ ਵੀ ਜਲਦੀ ਪੂਰੀ ਕਰ ਦਿੱਤੀ ਜਾਵੇਗੀ।