ਸੀ ਪੀ ਆਈ ਨੇ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰੇ ਕੀਤੇ
ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਨੇ ਅਮਰੀਕਾ-ਇਜ਼ਰਾਈਲ ਵੱਲੋਂ ਸਾਂਝੇ ਤੌਰ ’ਤੇ ਇਰਾਨ ਉੱਪਰ ਕੀਤੇ ਹਮਲੇ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇੱਥੇ ਚੰਡੀਗੜ੍ਹ ਚੌਕ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਪੁਤਲੇ ਫੂਕੇ।...
ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਨੇ ਅਮਰੀਕਾ-ਇਜ਼ਰਾਈਲ ਵੱਲੋਂ ਸਾਂਝੇ ਤੌਰ ’ਤੇ ਇਰਾਨ ਉੱਪਰ ਕੀਤੇ ਹਮਲੇ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇੱਥੇ ਚੰਡੀਗੜ੍ਹ ਚੌਕ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਪੁਤਲੇ ਫੂਕੇ। ਇਸ ਤੋਂ ਪਹਿਲਾਂ ਬਾਰਾਦਰੀ ਬਾਗ ਵਿੱਚ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਆਗੂਆਂ ਕੁਲਵਿੰਦਰ ਸਿੰਘ ਵੜੈਚ ਅਤੇ ਦਲਜੀਤ ਸਿੰਘ ਐਡਵਕੇਟ ਨੇ ਕਿਹਾ ਕਿ ਇਹ ਸਾਂਝਾ ਹਮਲਾ ਇਰਾਨ ਤੋਂ ਸੰਭਾਵਿਤ ਖਤਰੇ ਨੂੰ ਬਹਾਨਾ ਬਣਾ ਕੇ ਕੀਤਾ ਗਿਆ ਹੈ। ਅਮਰੀਕਾ ਵੱਲੋਂ ਇਸ ਹਮਲੇ ’ਚ ਇਰਾਨ ਦਾ ਸੁਪਰੀਮ ਲੀਡਰ ਆਇਤੁੱਲ੍ਹਾ ਅਲੀ ਖਮਨੇਈ, ਰੱਖਿਆ ਮੰਤਰੀ, ਰੈਵੋਲਿਊਸ਼ਨਰੀ ਗਾਰਡ, ਕਮਾਂਡਰ ਅਤੇ ਸੈਂਕੜੇ ਲੋਕ ਮਾਰੇ ਗਏ ਹਨ। ਅਮਰੀਕਾ ਇਹ ਸਾਰੀ ਗੁੰਡਾਗਰਦੀ ਇਰਾਨ ਦੇ ਤੇਲ ਭੰਡਾਰਾਂ ਅਤੇ ਰੂਟਾਂ ਉੱਪਰ ਕਬਜ਼ਾ ਕਰਨ ਲਈ ਕਰ ਰਿਹਾ ਹੈ।
ਉਨ੍ਹਾਂ ਲੋਕਾਂ ਨੂੰ ਅਮਰੀਕਾ ਦੇ ਚੌਧਰ ਸਥਾਪਤੀ ਲਈ ਕੀਤੇ ਇਨ੍ਹਾਂ ਹਮਲਿਆਂ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਭਾਰਤ ਸਰਕਾਰ ਤੋਂ ਅਰਬ ਦੇਸ਼ਾਂ ਵਿੱਚ ਫ਼ਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਬੁਲਾਉਣ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਸਜ਼ਾਦ ਅਤੇ ਸ਼ਾਹਿਦ ਆਗੂਆਂ ਨੇ ਵੀ ਸੰਬੋਧਨ ਕੀਤਾ। ਇਸ ਮੁਜ਼ਾਹਰੇ ਵਿਚ ਮੁਸਲਿਮ ਸੰਗਠਨ ਪੰਜਾਬ ਨੇ ਵੀ ਸ਼ਮੂਲੀਅਤ ਕੀਤੀ।
ਪਠਾਨਕੋਟ (ਪੱਤਰ ਪ੍ਰੇਰਕ): ਇੱਥੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐੱਮ ਪੀ ਆਈ) ਵੱਲੋਂ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਇਜ਼ਰਾਈਲ ਦੇ ਰਾਸ਼ਟਰਪਤੀ ਬੈਂਜਾਮਿਨ ਨੇਤਨਯਾਹੂ ਦਾ ਪੁਤਲਾ ਫੂਕਿਆ ਗਿਆ। ਆਗੂਆਂ ਕਾਮਰੇਡ ਨੱਥਾ ਸਿੰਘ ਢਡਵਾਲ, ਸ਼ਿਵ ਕੁਮਾਰ, ਹਰਿੰਦਰ ਸਿੰਘ ਰੰਧਾਵਾ ਤੇ ਬਲਵੰਤ ਸਿੰਘ ਘੋਹ ਨੇ ਭਾਰਤ ਸਰਕਾਰ ਵੱਲੋਂ ਇਸ ਜ਼ਾਲਮਾਨਾ ਕਾਰਵਾਈ ’ਤੇ ਵੱਟੀ ਚੁੱਪ ਦੀ ਨਿੰਦਾ ਕੀਤੀ।

