ਪਾਲ ਸਿੰਘ ਨੌਲੀ
ਜਲੰਧਰ, 5 ਅਕਤੂਬਰ
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਟਰੈਵਲ ਏਜੰਟਾਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਨੇ ਸਿਕੰਜਾ ਕੱਸਦਿਆਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਕਿਸੇ ਡਰ ਭੈਅ ਦੇ ਟਰੈਵਲ ਏਜੰਟਾਂ ਵਿਰੁੱਧ ਸ਼ਿਕਾਇਤ ਦਰਜ ਕਰਵਾਉਣ। ਸ਼ਿਕਾਇਤ ਮਿਲਣ ਦੇ ਇੱਕ ਹਫ਼ਤੇ ਦੇ ਅੰਦਰ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ। ਟਰੈਵਲ ਏਜੰਟ ’ਤੇ ਠੱਗੀ ਦਾ ਕੇਸ ਦਰਜ ਹੋਣ ’ਤੇ ਐੱਫਆਈਆਰ ਦੀ ਨਕਲ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ ’ਤੇ ਚਾੜ੍ਹੀ ਜਾਵੇਗੀ। ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਜਲੰਧਰ ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਦੱਸਿਆ ਕਿ ਸ਼ਿਕਾਇਤ ਕਰਨ ਲਈ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਨੂੰ ਨੋਡਲ ਪੁਆਇੰਟ ਬਣਾਇਆ ਗਿਆ ਹੈ। ਬਿਊਰੋ ਵਿੱਚ ਰਜਿਸਟਰ ਅਤੇ ਅਣ-ਰਜਿਸਟਰਡ ਟਰੈਵਲ ਏਜੰਟਾਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।
ਸ੍ਰੀ ਰਾਏ ਨੇ ਕਿਹਾ ਕਿ ਸ਼ਿਕਾਇਤ ਦੀ ਵੈਰੀਫਿਕੇਸ਼ਨ ਇੱਕ ਹਫ਼ਤੇ ਦੇ ਅੰਦਰ ਕੀਤੀ ਜਾਵੇਗੀ ਅਤੇ ਜੇਕਰ ਬਿਊਰੋ ਦੇ ਧਿਆਨ ਵਿਚ ਕੋਈ ਟਰੈਵਲ ਏਜੰਟ ਬਿਨਾਂ ਲਾਇਸੈਂਸ ਜਾਂ ਮਿਆਦ ਪੁੱਗਾ ਚੁੱਕੇ ਜਾਂ ਅਣ-ਰਜਿਸਟਰਡ ਏਜੰਟ ਆਉਂਦੇ ਹਨ ਤਾਂ ਉਨ੍ਹਾਂ ’ਤੇ ਡਿਪਟੀ ਕਮਿਸ਼ਨਰ ਅਤੇ ਪੁਲੀਸ ਵਿਭਾਗ ਵੱਲੋਂ ਤੁਰੰਤ ਕਾਰਵਾਈ ਤਹਿਤ ਐੱਫਆਈਆਰ ਦਰਜ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਟਰੈਵਲ ਏਜੰਟ ਵਿਰੁੱਧ ਕੇਸ ਦਰਜ ਹੋਣ ’ਤੇ ਦੋ-ਤਿੰਨ ਸਾਲਾਂ ਦਾ ਸਮਾਂ ਲੱਗ ਜਾਂਦਾ ਸੀ ਤੇ ਉਸ ਵਿਰੁੱਧ ਕੋਈ ਵੀ ਕਾਰਵਾਈ ਨਹੀਂ ਸੀ ਹੁੰਦੀ।