ਨਰਿੰਦਰ ਸਿੰਘ ਧੋਥੜ
ਗੁਰਾਇਆ, 13 ਮਾਰਚ
ਪੰਜਾਬ ਦੇ ਖੇਡਾਂ, ਯੂਥ ਸਰਵਿਸਿਜ਼ ਅਤੇ ਐੱਨਆਰਆਈ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਸੂਬਾ ਸਰਕਾਰ ਐੱਨਆਰਆਈਜ਼ ਲਈ ਜਲਦੀ ਵਿਸ਼ੇਸ਼ ਐਪ ਬਣਾ ਰਹੀ ਹੈ, ਜਿਸ ਰਾਹੀਂ ਉਨ੍ਹਾਂ ਨੂੰ ਵੱਖ-ਵੱਖ ਤਰ੍ਹਾਂ ਦੀ ਜਾਣਕਾਰੀ ਮੁਹੱਈਆ ਹੋਵੇਗੀ। ਉਹ ਇੱਥੇ ਇੱਕ ਸਮਾਗਮ ਵਿੱਚ ਸ਼ਾਮਿਲ ਹੋਣ ਆਏ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਇਹ ਐਪ ਐੱਨਆਰਆਈਜ਼ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਨਿਪਟਾਰਾ ਕਰਵਾਉਣ ਲਈ ਕਾਰਗਰ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਐੱਨਆਰਆਈਜ਼ ਦਾ ਪੰਜਾਬ ਦੇ ਵਿਕਾਸ ਲਈ ਵੱਡਾ ਯੋਗਦਾਨ ਰਿਹਾ ਹੈ। ਕਿਸਾਨ ਅੰਦੋਲਨ ਸਬੰਧੀ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕੇਂਦਰ ਨੂੰ ਖੇਤੀ ਸਬੰਧੀ ਕਾਲੇ ਕਾਨੂੰਨ ਤੁਰੰਤ ਰੱਦ ਕਰਨੇ ਚਾਹੀਦੇ ਹਨ। ਆੜ੍ਹਤੀਆਂ ਰਾਹੀਂ ਅਦਾਇਗੀ ਦੀ ਪ੍ਰਣਾਲੀ ਹੀ ਕਿਸਾਨਾਂ ਲਈ ਲਾਹੇਵੰਦ ਹੈ, ਉਹੀ ਲਾਗੂ ਰਹਿਣੀ ਚਾਹੀਦੀ ਹੈ।
ਇਸ ਤੋਂ ਪਹਿਲਾਂ ਇੱਕ ਸਮਾਗਮ ਦੌਰਾਨ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਗੁਰਾਇਆ ਵਿੱਚ ਇੱਕ ਵਿਸ਼ਾਲ ਖੇਡ ਸਟੇਡੀਅਮ ਜਲਦੀ ਬਣਾਇਆ ਜਾਵੇਗਾ। ਸਮਾਗਮ ਦੌਰਾਨ ਐੱਨਆਰਆਈ ਕਮਿਸ਼ਨ ਦੇ ਮੈਂਬਰ ਦਲਜੀਤ ਸਿੰਘ ਸਹੋਤਾ, ਕੋਆਰਡੀਨੇਟਰ ਮਨਜੀਤ ਸਿੰਘ ਨਿੱਝਰ, ਪ੍ਰਧਾਨ ਇੰਡੀਅਨ ਓਵਰਸੀਜ਼ ਕਾਂਗਰਸ ਜਰਮਨੀ ਪ੍ਰਮੋਦ ਕੁਮਾਰ, ਕਮਲਦੀਪ ਸਿੰਘ ਬਿੱਟੂ ਅਤੇ ਰਾਕੇਸ਼ ਦੁੱਗਲ ਨੇ ਸੰਬੋਧਨ ਕੀਤਾ। ਇਸ ਮੌਕੇ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਗੁਰਾਇਆ ਦੀ ਟੋਕਾ ਮਸ਼ੀਨ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ।