ਅਕਾਲੀ ਸਰਕਾਰ ਬਣਨ ’ਤੇ ਫਸਲ ਬੀਮਾ ਸਕੀਮ ਲਾਗੂ ਹੋਵੇਗੀ: ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਲੋਪੋਕੇ ਵਿੱਚ ਕਰਵਾਈ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ...
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਲੋਪੋਕੇ ਵਿੱਚ ਕਰਵਾਈ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਾਰੇ ਕਿਸਾਨਾਂ ਨੂੰ ਫਸਲ ਬੀਮਾ ਸਕੀਮ ਦਿੱਤੀ ਜਾਵੇਗੀ, ਕੋਈ ਵੀ ਫਸਲੀ ਨੁਕਸਾਨ ਹੋਣ ਜਾਂ ਫਿਰ ਕੁਦਰਤੀ ਆਫਤ ਆਉਣ ’ਤੇ ਉਹਨਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਹੱਦੀ ਖਿੱਤੇ ਵਿੱਚ ਪੈਂਦੀ ਜ਼ਮੀਨ ਦੇ ਕਿਸਾਨਾਂ ਨੂੰ ਮਾਲਕਾਨਾ ਹੱਕ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਖਾਲੀ ਪਈਆਂ ਤਿੰਨ ਲੱਖ ਸਰਕਾਰੀ ਨਿਰੋਲ ਪੰਜਾਬੀਆਂ ਰਾਹੀਂ ਤਰੁੰਤ ਆਸਾਮੀਆਂ ਭਰੀਆਂ ਜਾਣਗੀਆਂ ਅਤੇ ਬਾਹਰਲਿਆਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਕਾਨੂੰਨ ਨੂੰ ਵਾਪਸ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿਰਫ ਪੰਜਾਬੀਆਂ ਨੂੰ ਹੀ ਸੂਬੇ ਵਿੱਚ ਸਰਕਾਰੀ ਨੌਕਰੀਆਂ ਵਾਸਤੇ ਵਿਚਾਰਿਆ ਜਾਵੇਗਾ। ਉਦਯੋਗਾਂ ਵਾਸਤੇ ਵੀ 75 ਫੀਸਦੀ ਨੌਕਰੀਆਂ ਪੰਜਾਬੀਆਂ ਨੂੰ ਦੇਣਾ ਲਾਜ਼ਮੀ ਹੋਵੇਗਾ। ਉਨ੍ਹਾਂ ਲਵਲੀ ਯੂਨੀਵਰਸਿਟੀ ਵਿਚ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ’ਤੇ ਬੇਰਹਿਮੀ ਨਾਲ ਲਾਠੀਚਾਰਜ ਕਰਨ ਦੀ ਵੀ ਨਿਖੇਧੀ ਕੀਤੀ। ਇਸ ਮੌਕੇ ਉਨ੍ਹਾਂ ਸੀਨੀਅਰ ਆਗੂ ਵੀਰ ਸਿੰਘ ਲੋਪੋਕੇ ਨੂੰ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਉਮੀਦਵਾਰ ਐਲਾਨਿਆ। ਇਸ ਮੌਕੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਗੁਲਜ਼ਾਰ ਸਿੰਘ ਰਣੀਕੇ, ਰਣਬੀਰ ਸਿੰਘ ਰਾਣਾ ਲੋਪੋਕੇ, ਰਾਜਾ ਲਾਦੇਹ, ਸੁਰਜੀਤ ਸਿੰਘ ਪਹਿਲਵਾਨ ਅਤੇ ਗੌਰਵਦੀਪ ਸਿੰਘ ਵਲਟੋਹਾ ਨੇ ਵੀ ਸੰਬੋਧਨ ਕੀਤਾ।

