ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਡੇਅਰੀ ਫਾਰਮਰਾਂ ਵੱਲੋਂ ਅੱਜ ਇੱਥੇ ਸਿਹਤ ਵਿਭਾਗ ਦੇ ਖ਼ਿਲਾਫ਼ ਰੋਸ ਵਿਖਾਵਾ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਿਹਤ ਵਿਭਾਗ ਵੱਲੋਂ ਨਕਲੀ ਦੁੱਧ, ਪਨੀਰ ਅਤੇ ਘਿਓ ਤਿਆਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਦੇ ਰੋਸ ਵਜੋਂ ਉਨ੍ਹਾਂ ਸੜਕ ’ਤੇ ਦੁੱਧ ਡੋਲ੍ਹਿਆ ।
ਜਥੇਬੰਦੀ ਦੇ ਆਗੂ ਕਰਮਜੀਤ ਸਿੰਘ ਨੰਗਲੀ ਅਤੇ ਰਣਜੀਤ ਸਿੰਘ ਦੀ ਅਗਵਾਈ ਹੇਠ ਡੇਅਰੀ ਫਾਰਮਰ ਇਕੱਠੇ ਹੋਏ ਸਨ ਅਤੇ ਉਨ੍ਹਾਂ ਸਿਵਲ ਸਰਜਨ ਦਫਤਰ ਦੇ ਬਾਹਰ ਰੋਸ ਵਿਖਾਵਾ ਕਰਨਾ ਸੀ ਪਰ ਪੁਲੀਸ ਨੇ ਉਨ੍ਹਾਂ ਨੂੰ ਸ਼ਹਿਰ ਤੋਂ ਬਾਹਰ ਹੀ ਰੋਕ ਲਿਆ। ਪ੍ਰਦਰਸ਼ਨਕਾਰੀਆਂ ਨੇ ਸਿਹਤ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਰੋਸ ਵਜੋਂ ਦੁੱਧ ਡੋਲ੍ਹਿਆ। ਪ੍ਰਦਰਸ਼ਨਕਾਰੀ ਆਗੂਆਂ ਨੇ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਵੱਡੇ ਮਿਲਾਵਟਖੋਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਮਿਲੀਭੁਗਤ ਕਰਨ ਵਾਲੇ ਸਿਹਤ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਜਾਂਚ ਕੀਤੀ ਜਾਵੇ।
ਉਨ੍ਹਾਂ ਆਖਿਆ ਕਿ ਇਸ ਮਾਮਲੇ ਵਿੱਚ ਵੱਡੇ ਮਿਲਾਵਟਖੋਰਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਆਖਿਆ ਕਿ ਇਸ ਮਾਮਲੇ ਵਿੱਚ ਨਿਰਪੱਖ ਸੈਂਪਲਿੰਗ ਕੀਤੀ ਜਾਵੇ ਅਤੇ ਪਾਰਦਰਸ਼ੀ ਢੰਗ ਨਾਲ ਕਾਰਵਾਈ ਕੀਤੀ ਜਾਵੇ। ਇਸਦੀ ਆੜ ਹੇਠ ਛੋਟੇ ਕਿਸਾਨਾਂ ਨੂੰ ਤੰਗ ਨਾ ਕੀਤਾ ਜਾਵੇ। ਦੱਸਣਯੋਗ ਹੈ ਕਿ ਜਥੇਬੰਦੀ ਵੱਲੋਂ ਪਹਿਲਾਂ ਵੀ ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਅਤੇ ਸਿਵਲ ਸਰਜਨ ਦਫਤਰ ਦੇ ਬਾਹਰ ਰੋਸ ਵਿਖਾਵੇ ਕੀਤੇ ਜਾ ਚੁੱਕੇ ਹਨ।

