ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਅੱਜ ਸੰਤ ਨਿਰਮਲ ਦਾਸ ਜੀ ਜੋੜੇ ਵਾਲੇ, ਸੰਤ ਪ੍ਰਗਟ ਨਾਥ ਤੇ ਹੋਰ ਸੰਤਾਂ-ਮਹਾਂਪੁਰਖਾਂ ਦੀ ਰਹਿਨੁਮਾਈ ਹੇਠ ‘ਦਮੜੀ ਯਾਤਰਾ’ ਨੂੰ ਸਥਾਨਕ ਸਿਟੀ ਰੇਲਵੇ ਸਟੇਸ਼ਨ ਤੋਂ ਹਰਿਦੁਆਰ ਲਈ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਇਸ ਦੌਰਾਨ ਮੋਹਿੰਦਰ ਭਗਤ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਆਪਸੀ ਪ੍ਰੇਮ ਅਤੇ ਜਾਤ-ਪਾਤ ਤੋਂ ਉੱਪਰ ਉੱਠਣ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਬਹੁਤ ਹੀ ਸ਼ਰਧਾ ਅਤੇ ਵੱਡੇ ਪੱਧਰ ’ਤੇ ਮਨਾਉਣ ਲਈ ਵਿਆਪਕ ਪ੍ਰੋਗਰਾਮ ਉਲੀਕ ਰਹੀ ਹੈ। ਦੀਪਕ ਬਾਲੀ ਨੇ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਰਕਾਰ ਗੁਰੂਆਂ-ਪੀਰਾਂ ਦੇ ਦਰਸਾਏ ਮਾਰਗ ’ਤੇ ਚੱਲ ਕੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ। ਇਸ ਮੌਕੇ ਸੰਤ ਸਤਵਿੰਦਰ ਹੀਰਾ, ਸੰਤੋਸ਼, ਰਾਜਵਿੰਦਰ ਕੌਰ ਥਿਆੜਾ ਅਤੇ ਦਿਨੇਸ਼ ਢੱਲ ਸਮੇਤ ਹੋਰ ਹਾਜ਼ਰ ਸਨ।
‘ਆਪ’ ਨੇ ਕ੍ਰਾਂਤੀਕਾਰੀ ਬਦਲਾਅ ਲਿਆਂਦੇ: ਭਗਤ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਬਸਤੀ ਬਾਵਾ ਖੇਲ ਵਿੱਚ ਲੋਕਾਂ ਨਾਲ ਰਾਬਤਾ ਕਾਇਮ ਕੀਤਾ। ਇਸ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਸੂਬੇ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੱਤਾ ਸੰਭਾਲਣ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦੇ ਕੇ ਆਪਣੀ ਕਥਨੀ ਅਤੇ ਕਰਨੀ ਦੀ ਸਾਂਝ ਨੂੰ ਸਾਬਤ ਕਰ ਦਿੱਤਾ ਹੈ। ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੋਹਿੰਦਰ ਭਗਤ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਮਿਆਰੀ ਸਿਹਤ ਸੇਵਾਵਾਂ ਅਤੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ (ਨਕਦੀ ਰਹਿਤ) ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ।

