ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 6 ਦਸੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਗੰਗਸਰ ਸਾਹਿਬ ਕਰਤਾਰਪੁਰ ਦੀ ਫੇਰੀ ਦੌਰਾਨ ਕਿਹਾ ਕਿ ਗੁਰੂ ਅਰਜਨ ਦੇਵ ਜੀ ਦੀ ਯਾਦ ਵਿੱਚ ਸੁਆਗਤੀ ਗੇਟ ਅਤੇ ਦਰਸ਼ਨੀ ਡਿਓਢੀ ਦੀ ਉਸਾਰੀ ਲਈ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੂੰ ਕਾਰ ਸੇਵਾ ਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਇਸ ਕਾਰ ਸੇਵਾ ਲਈ ਬਾਬਾ ਸੁੱਖਾ ਸਿੰਘ ਦੀਆਂ ਸੇਵਾਵਾਂ ਲਈਆਂ ਜਾਣੀਆਂ ਸਨ। ਉਨ੍ਹਾਂ ਕਿਹਾ ਕਿ ਕਰਤਾਰਪੁਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਾਲਕੀ ਵਾਲੀ ਜ਼ਮੀਨ ਵਿੱਚ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੇ ਪ੍ਰਬੰਧਾਂ ਹੇਠ ਚੱਲ ਰਹੇ ਸਕੂਲ ਵਾਲੀ ਜ਼ਮੀਨ ਵਾਪਸ ਲੈਣ ਲਈ ਕਾਨੂੰਨੀ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਮੰਤਵ ਗੁਰੂ ਘਰਾਂ ਅਤੇ ਸਿੱਖ ਕੌਮ ਦੀ ਬਿਹਤਰੀ ਲਈ ਕੰਮ ਕਰਨਾ ਹੈ। ਮਰਹੂਮ ਜਥੇਦਾਰ ਕੁਲਦੀਪ ਸਿੰਘ ਵਡਾਲਾ ਅਤੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਵੱਲੋਂ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਨਿਭਾਈਆਂ ਜ਼ਿੰਮੇਵਾਰੀਆਂ ਦੀ ਉਨ੍ਹਾਂ ਸ਼ਲਾਘਾ ਕਰਦਿਆਂ ਕਿਹਾ ਕਿ ਦੋਵੇਂ ਮਹਾਨ ਆਗੂਆਂ ਨੇ ਪੰਥ ਦੀ ਸੇਵਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਇਸ ਮੌਕੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਰਣਜੀਤ ਸਿੰਘ ਕਾਹਲੋਂ, ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਜਗਰੂਪ ਸਿੰਘ ਚੋਹਲਾ, ਪਰਮਿੰਦਰ ਪਾਲ ਸਿੰਘ ਗੋਲਡੀ ਮੌਜੂਦ ਸਨ।