ਨਿੱਜੀ ਪੱਤਰ ਪ੍ਰੇਰਕ
ਜਲੰਧਰ, 11 ਅਪਰੈਲ
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਸਿਵਲ ਹਸਪਤਾਲ ਦਾ ਅਚਾਨਕ ਦੌਰਾ ਕਰ ਕੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਮੁਆਇਨਾ ਕੀਤਾ। ਉਨ੍ਹਾਂ ਨੇ ਓਪੀਡੀ ਸਲਿੱਪਾਂ ਜਾਰੀ ਕਰਨ ਦੀ ਸਮੁੱਚੀ ਪ੍ਰਕਿਰਿਆ ਨੂੰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਮਰੀਜ਼ਾਂ ਨੂੰ ਓਪੀਡੀ ਪਰਚੀ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਡਾ. ਰਣਜੀਤ ਸਿੰਘ ਨਾਲ ਐਮਰਜੈਂਸੀ ਵਿਭਾਗ, ਜੱਚਾ-ਬੱਚਾ ਹਸਪਤਾਲ ਤੇ ਹੋਰ ਵਾਰਡਾਂ ਦਾ ਦੌਰਾ ਕੀਤਾ। ਉਥੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਹੋਰ ਡਾਕਟਰੀ ਸੁਵਿਧਾਵਾਂ ਬਾਰੇ ਸਟਾਫ ਨਾਲ ਗੱਲਬਾਤ ਕੀਤੀ ਅਤੇ ਲੋਕਾਂ ਨੂੰ ਨਿਰਵਿਘਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਿਹਾ। ਇਸ ਦੌਰਾਨ ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਵਲ ਹਸਪਤਾਲ ਨੂੰ 300 ਵਿਅਕਤੀਆਂ ਦੇ ਬੈਠਣ ਦੇ ਵਾਧੂ ਪ੍ਰਬੰਧ ਲਈ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।