ਬਲਾਚੌਰ-ਰੂਪਨਗਰ ਕੌਮੀ ਸ਼ਾਹਰਾਹ ’ਤੇ ਪਿੰਡ ਆਸਰੋਂ ਨੇੜੇ ਸਤਲੁਜ ਦਰਿਆ ਦੇ ਪੁਲ ਕੋਲ ਇਕ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲੀਸ ਚੌਕੀ ਆਸਰੋਂ ਦੇ ਇੰਚਾਰਜ ਏ ਐੱਸ ਆਈ ਸਿੰਕਦਰ ਪਾਲ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ’ਤੇ ਜਦੋਂ ਪੁਲੀਸ ਪਾਰਟੀ ਮੌਕੇ ’ਤੇ ਪਹੁੰਚੀ ਤਾਂ ਮੁਕੇਸ਼ ਕੁਮਾਰ (48) ਪੁੱਤਰ ਅਸ਼ੋਕ ਕੁਮਾਰ ਵਾਸੀ ਆਸਰੋਂ ਨੂੰ ਰਾਹਗੀਰਾਂ ਨੇ ਪ੍ਰਾਈਵੇਟ ਐਂਬੂਲੈਂਸ ਰਾਹੀਂ ਰੂਪਨਗਰ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਜਿੱਥੇ ਡਾਕਟਰਾਂ ਵੱਲੋਂ ਮੁਕੇਸ਼ ਕੁਮਾਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮੁਕੇਸ਼ ਕੁਮਾਰ ਆਪਣੇ ਮੋਟਰਸਾਈਕਲ ’ਤੇ ਸਵਾਰ ਰੂਪਨਗਰ ਤੋਂ ਬਲਾਚੌਰ ਵੱਲ ਆ ਰਿਹਾ ਸੀ। ਜਦੋਂ ਉਹ ਸਤਲੁਜ ਦਰਿਆ ਦੇ ਪੁਲ ਤੋਂ ਥੱਲੇ ਉੱਤਰ ਕੇ ਜਦੋਂ ਨਿੱਜੀ ਹੋਟਲ ਦੇ ਸਾਹਮਣੇ ਪਹੁੰਚਿਆ ਤਾਂ ਉਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਪੁਲੀਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।