ਪੱਤਰ ਪ੍ਰੇਰਕ
ਫਿਲੌਰ, 15 ਸਤੰਬਰ
ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂਆਂ ਨੇ ਐਲਾਨ ਕੀਤਾ ਕਿ ਜਿੰਨਾ ਚਿਰ ਰੇਲ ਹਾਦਸੇ ’ਚ ਮਾਰੇ ਗਏ ਦੋ ਮਜ਼ਦੂਰਾਂ ਦੇ ਵਾਰਸਾਂ ਨੂੰ ਮੁਆਵਜ਼ਾ ਅਤੇ ਨੌਕਰੀ ਨਾ ਦਿੱਤੀ ਗਈ ਤਾਂ ਉਨਾਂ ਸਮਾਂ ਸਥਾਨਕ ਐੱਸਡੀਐੱਮ ਦਫ਼ਤਰ ਅੱਗੇ ਧਰਨਾ ਜਾਰੀ ਰਹੇਗਾ। ਤਰਸੇਮ ਪੀਟਰ ਸੂਬਾ ਪ੍ਰਧਾਨ ਪੇਂਡੂ ਮਜ਼ਦੂਰ ਯੂਨੀਅਨ, ਦਰਸ਼ਨ ਨਾਹਰ ਸੂਬਾ ਪ੍ਰਧਾਨ ਦਿਹਾਤੀ ਮਜ਼ਦੂਰ ਸਭਾ ਆਦਿ ਆਗੂਆਂ ਨੇ ਦੱਸਿਆ ਕਿ ਸੰਗਰੂਰ ’ਚ ਮੁੱਖ ਮੰਤਰੀ ਅੱਗੇ ਤਿੰਨ ਰੋਜ਼ਾ ਮੋਰਚੇ ਤੋਂ ਘਰਾਂ ਨੂੰ ਪਰਤਦਿਆਂ ਸਥਾਨਕ ਰੇਲਵੇ ਸਟੇਸ਼ਨ ਨੇੜੇ ਰੇਲ ਹਾਦਸੇ ਵਿੱਚ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਕਾਰਕੁੰਨ ਅਵਤਾਰ ਸਿੰਘ ਵਾਸੀ ਪੱਬਵਾਂ ਅਤੇ ਲੁਭਾਇਆ ਰਾਮ ਵਾਸੀ ਬੁੰਡਾਲਾ ਲੰਘੀ ਰਾਤ ਮੌਤ ਹੋ ਗਈ। ਆਗੂਆਂ ਨੇ ਮੰਗ ਕੀਤੀ ਕਿ ਪੀੜਤ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ, ਪਰਿਵਾਰ ਦੇ ਇੱਕ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਸਰਕਾਰ ਮੰਨੀਆਂ ਮਜ਼ਦੂਰ ਮੰਗਾਂ ਨੂੰ ਲਾਗੂ ਕਰੇ ਤੇ ਰਹਿੰਦੀਆਂ ਮੰਗਾਂ ਨੂੰ ਤੁਰੰਤ ਹੱਲ ਕਰੇ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਕਜ ਕੁਮਾਰ ਆਫੀਸ਼ੀਏਟਿੰਗ ਐੱਸਡੀਐੱਮ ਨੇ ਐਲਾਨ ਕੀਤਾ ਕਿ ਕਿਸਾਨ ਮੋਰਚੇ ਦੀ ਤਰਜ਼ ’ਤੇ ਸਰਕਾਰ ਵਲੋਂ ਸਹਾਇਤਾ ਰਾਸ਼ੀ ਦਿਵਾਈ ਜਾਵੇਗੀ।