ਬਲਾਚੌਰ (ਗੁਰਦੇਵ ਸਿੰਘ ਗਹੂੰਣ): ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਹਿਤ ਚੱਲ ਰਹੇ ਦਿੱਲੀ ਦੇ ਕਿਸਾਨ ਅੰਦੋਲਨ ਲਈ ਕਿਸਾਨਾਂ ਦਾ ਸਿੰਘੂ ਬਾਰਡਰ ’ਤੇ ਜਾਣਾ ਨਿਰੰਤਰ ਜਾਰੀ ਹੈ। ਨਗਰ ਕੌਂਸਲ ਬਲਾਚੌਰ ’ਚ ਪੈਂਦੇ ਪਿੰਡ ਸਿਆਣਾ ਵਿਖੇ ਪਿੰਡ ਦੀਆਂ ਵੱਖ-ਵੱਖ ਸਮਾਜ ਸੇਵੀਆਂ ਵਲੋਂ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਸੰਯੁਕਤ ਕਿਸਾਨ ਮੋਰਚੇ ਵਿੱਚ ਲੋਕਾਂ ਦੀ ਸ਼ਮੂਲੀਅਤ ਵਧਾਉਣ ਹਿਤ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਸਰਬਸੰਮਤੀ ਨਾਲ ਇਹ ਫੈਸਲਾ ਹੋਇਆ ਕਿ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਾਉਣ ਹਿਤ ਸੰਘਰਸ਼ ’ਚ ਸ਼ਾਮਲ ਹੋਣ ਲਈ ਪਿੰਡ ਤੋਂ ਹਰ ਪੰਜਵੇਂ ਦਿਨ ਇੱਕ ਜਥਾ ਰਵਾਨਾ ਕੀਤਾ ਜਾਵੇਗਾ। ਇਸ ਮੌਕੇ ਚੌਧਰੀ ਬਿਮਲ ਕੁਮਾਰ ਅਤੇ ਹਰਦੀਪ ਸਿੰਘ ਸੋਹਲ ਨੇ ਕਿਹਾ ਕਿ ਵਾਰੋ-ਵਾਰੀ ਹਰ ਪੰਜਵੇਂ ਦਿਨ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਹੋਵੇਗਾ ਅਤੇ ਕਾਲੇ ਕਾਨੂੰਨ ਰੱਦ ਹੋਣ ਤੱਕ ਇਹ ਜਥੇ ਇਸੇ ਤਰ੍ਹਾਂ ਜਾਂਦੇ ਰਹਿਣਗੇ।