Delayed Police Complaints: ਸੁਣਵਾਈ ਨਾ ਹੋਣ ’ਤੇ ਡੀ ਐੱਸ ਪੀ ਦਫ਼ਤਰ ਅੱਗੇ ਮੁਜ਼ਾਹਰਾ
ਕੁੱਲ ਹਿੰਦ ਕਿਸਾਨ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਰੋਸ ਪ੍ਰਗਟਾਇਆ
ਪੁਲੀਸ ਵੱਲੋਂ ਪੀੜਤਾਂ ਦੀਆਂ ਸ਼ਿਕਾਇਤਾਂ ਦਾ ਨਿਬੇੜਾ ਸਮੇਂ ਸਿਰ ਨਾ ਕਰਨ ਖ਼ਿਲਾਫ਼ ਕੁੱਲ ਹਿੰਦ ਕਿਸਾਨ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਡੀ ਐੱਸ ਪੀ ਦਫ਼ਤਰ ਸਾਹਮਣੇ ਰੋਸ ਮੁਜ਼ਾਹਰਾ ਕੀਤਾ ਗਿਆ, ਜਿਸ ਦੀ ਅਗਵਾਈ ਰਘਬੀਰ ਸਿੰਘ ਪੰਡੋਰੀ, ਤਰਸੇਮ ਲਾਲ ਭੰਗਾਲਾ ਅਤੇ ਰਾਮ ਲੁਭਾਇਆ ਮਲਕੋਵਾਲ ਨੇ ਕੀਤੀ। ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਜੁਆਇੰਟ ਸਕੱਤਰ ਆਸ਼ਾ ਨੰਦ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਯਸ਼ਪਾਲ ਚਨੌਰ ਨੇ ਵੀ ਸ਼ਿਰਕਤ ਕੀਤੀ। ਆਗੂਆਂ ਨੇ ਦੋਸ਼ ਲਾਇਆ ਕਿ ਸਥਾਨਕ ਪੁਲੀਸ ਵੱਲੋਂ ਪੀੜਤਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਥਾਂ ਵਿਰੋਧੀਆਂ ਨਾਲ ਕਥਿਤ ਮਿਲੀਭੁਗਤ ਕਰ ਕੇ ਮਾਮਲਿਆਂ ਨੂੰ ਲਟਕਾਇਆ ਜਾ ਰਿਹਾ ਹੈ। ਗੰਭੀਰ ਸ਼ਿਕਾਇਤਾਂ ਦੇ ਮਾਮਲੇ ਵਿੱਚ ਵੀ ਦੋ-ਦੋ ਮਹੀਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਲਟਾ ਪੀੜਤਾਂ ਨੂੰ ਖੱਜਲ-ਖੁਆਰ ਕਰਦਿਆਂ ਰਾਜ਼ੀਨਾਮਾ ਕਰਨ ਦੀਆਂ ਸਲਾਹਾਂ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਡੀ ਐੱਸ ਪੀ ਦੀ ਗੈਰ-ਹਾਜ਼ਰੀ ਵਿੱਚ ਪੁੱਜੇ ਸਬ-ਇੰਸਪੈਕਟਰ ਰੈਂਕ ਦੇ ਅਧਿਕਾਰੀ ਨੇ ਧਰਨਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਤੁਰੰਤ ਦੂਰ ਕਰ ਦਿੱਤੀਆਂ ਜਾਣਗੀਆਂ ਜਿਸ ਮਗਰੋਂ ਧਰਨਾ ਚੁੱਕਿਆ ਗਿਆ।

