ਪਾਲ ਸਿੰਘ ਨੌਲੀ
ਜਲੰਧਰ, 24 ਅਗਸਤ
ਸਵੈ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਵਿਰੁੱਧ ਦੇਸ਼ਧ੍ਰੋਹ ਦਾ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ (ਅ) ਦੀ ਅਗਵਾਈ ਵਿੱਚ ਕ੍ਰਿਸਚੀਅਨ ਮੂਵਮੈਂਟ, ਰਿਪਬਲਿਕਨ ਪਾਰਟੀ ਤੇ ਸਤਿਕਾਰ ਕਮੇਟੀ ਵੱਲੋਂ ਜਲੰਧਰ ਦੇ ਪੁਲੀਸ ਕਮਿਸ਼ਨਰ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ।
ਇਨ੍ਹਾਂ ਜਥੇਬੰਦੀਆਂ ਨੇ ਦੋਸ਼ ਲਾਇਆ ਕਿ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਉੱਤੇ ਆਰਐੱਸਐੱਸ ਦੇ ਮੁਖੀ ਮੋਹਨ ਭਾਗਵਤ ਦੀ ਤਸਵੀਰ ਵਾਲਾ ਇੱਕ ਕਿਤਾਬਚਾ ਵਾਇਰਲ ਹੋ ਰਿਹਾ ਹੈ ਜਿਸ ਨੂੰ ਨਵਾਂ ਭਾਰਤੀ ਸੰਵਿਧਾਨ ਦੱਸਿਆ ਜਾ ਰਿਹਾ ਹੈ। ਇਸ ਕਿਤਾਬਚੇ ਦੇ 16 ਸਫੇ ਹਨ। ਇਸ ਨੂੰ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਲੋਕਾਂ ਵਿੱਚ ਸਾਂਝਾ ਕੀਤਾ ਜਾ ਰਿਹਾ ਹੈ। ਇਨ੍ਹਾਂ ਜਥੇਬੰਦੀਆਂ ਨੇ ਮੰਗ ਕੀਤੀ ਕਿ ਇਹ ਪ੍ਰਚਾਰ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਵੱਲੋਂ ਦੇਸ਼ ਦੇ ਬਣਾਏ ਹੋਏ ਸੰਵਿਧਾਨ ਦੀ ਘੋਰ ਉਲੰਘਣਾ ਹੈ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਰਿਪਬਲਿਕਨ ਪਾਰਟੀ ਆਫ਼ ਇੰਡਿਆ (ਏਕਤਾਵਾਦੀ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਪ੍ਰਕਾਸ਼ ਚੰਦ ਜੱਸਲ, ਪੰਜਾਬ ਕ੍ਰਿਸਚੀਅਨ ਮੂਵਮੈਂਟ ਦੇ ਪ੍ਰਧਾਨ ਹਮੀਦ ਮਸੀਹ, ਬਹੁਜਨ ਮੁਕਤੀ ਪਾਰਟੀ ਦੇ ਸੂਬਾ ਵਾਈਸ ਪ੍ਰਧਾਨ ਰਮੇਸ਼ ਕਾਲਾ, ਸਤਿਕਾਰ ਕਮੇਟੀ ਦੇ ਆਗੂ ਜਗਦੇਵ ਸਿੰਘ ਵੱਲੋਂ ਪੁਲੀਸ ਕਮਿਸ਼ਨਰ ਦੇ ਨਾਂ ਲਿਖਿਆ ਮੰਗ ਪੱਤਰ ਡਿਪਟੀ ਕਮਿਸ਼ਨਰ ਪੁਲੀਸ ਅਰੁਣ ਸੈਣੀ ਨੂੰ ਸੌਂਪਿਆ ਗਿਆ।
ਇਨ੍ਹਾਂ ਸਾਰੇ ਆਗੂਆਂ ਨੇ ਮੰਗ ਕੀਤੀ ਕਿ ਦੇਸ਼ ਦੇ ਸੰਵਿਧਾਨ ਨਾਲ ਛੇੜਛਾੜ ਕਰਨ ਦੇ ਮਾਮਲੇ ਵਿੱਚ ਆਰਐੱਸਐੱਸ ਦੇ ਮੁਖੀ ਮੋਹਨ ਭਾਗਵਤ ਅਤੇ ਇਸ ਨਾਲ ਸਬੰਧਤ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਜਾਵੇ ਅਤੇ ਊਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਕੇ ਢੁਕਵੀਂ ਕਾਰਵਾਈ ਕੀਤੀ ਜਾਵੇ।