ਨਿੱਜੀ ਪੱਤਰ ਪ੍ਰੇਰਕ
ਜਲੰਧਰ, 11 ਅਪਰੈਲ
ਕਿਰਤੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਨਿਰਭੈ ਸਿੰਘ ਢੁਡੀਕੇ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਕੇਂਦਰ ਦੀ ਮੌਜੂਦਾ ਪਾਲਸੀ ਤੇ ਕੌਮਾਂਤਰੀ ਮਾਰਕੀਟ ਵਿੱਚ ਕਣਕ ਦੀਆਂ ਵਧੀਆਂ ਹੋਈਆਂ ਕੀਮਤਾਂ ਦਾ ਫਾਇਦਾ ਕਿਸਾਨਾਂ ਦੇ ਹਿੱਸੇ ਆਉਣ, ਚਿੱਪ ਵਾਲੇ ਮੀਟਰਾਂ ਨਾ ਲੱਗਣ ਦੇਣ ਦਾ ਫੈਸਲਾ ਲਾਗੂ ਕਰਨ ਤੇ ਸੰਯੁਕਤ ਕਿਸਾਨ ਮੋਰਚੇ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ ਚਰਚਾ ਹੋਈ। ਮੀਟਿੰਗ ਦੀ ਜਾਣਕਾਰੀ ਸਾਂਝੀ ਕਰਦਿਆਂ ਸੂਬਾ ਪ੍ਰੈੱਸ ਸਕੱਤਰ ਜਤਿੰਦਰ ਸਿੰਘ ਛੀਨਾ ਨੇ ਦੱਸਿਆ ਕੇ ਮੀਟਿੰਗ ਵਿੱਚ ਕਣਕ ਦੀ ਚੁਕਾਈ ਸਬੰਧੀ ਸਰਕਾਰ ਦੀ ਨੀਤੀ ਨੂੰ ਰੱਦ ਕੀਤਾ ਗਿਆ ਤੇ ਮੰਡੀ ਵਿੱਚ ਤੁਲੀ ਹੋਈ ਕਣਕ ਦੀ ਫੌਰੀ ਲਿਫਟਿੰਗ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ। ਜਥੇਬੰਦੀ ਨੇ ਮੰਗ ਕੀਤੀ ਕਿ ਕਣਕ ਦੀ ਅੰਤਰਰਾਸ਼ਟਰੀ ਮੰਡੀ ਵਿੱਚ ਕਣਕ ਦੀ ਵਧੀ ਹੋਈ ਕੀਮਤ ਦਾ ਲਾਭ ਕਿਸਾਨਾਂ ਨੂੰ ਦੇਣ ਲਈ 1500 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਬੋਨਸ ਤੇ ਕਣਕ ਦੀ ਫੌਰੀ ਅਦਾਇਗੀ ਕੀਤੀ ਜਾਵੇ। ਇਸ ਮੌਕੇ ਪਿੰਡਾਂ ਵਿੱਚ ਚਿੱਪ ਵਾਲੇ ਮੀਟਰ ਨਾ ਲੱਗਣ ਦੇਣ ਦਾ ਫੈਸਲਾ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚੇ ਨੂੰ ਇਕਜੁੱਟ ਕਰਨ ਲਈ ਕੋਸ਼ਿਸ਼ਾਂ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਸੂਬਾ ਜਨਰਲ ਸਕੱਤਰ ਸਤਬਿੀਰ ਸਿੰਘ ਸੁਲਤਾਨੀ,ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਤੇ ਜਸਵਿੰਦਰ ਸਿੰਘ ਝਬੇਲਵਾਲੀ ਆਦਿ ਹਾਜ਼ਰ ਸਨ।