ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 27 ਸਤੰਬਰ
ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੂੰ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਰਾਹੀਂ ਮੰਗ ਪੱਤਰ ਭੇਜਿਆ ਗਿਆ। ਕਿਸਾਨਾਂ ਨੇ ਮੰਗ ਕੀਤੀ ਗਈ ਕਿ ਘੱਟੋ-ਘੱਟ ਖਰੀਦ ਮੁੱਲ ਅਤੇ ਫਸਲਾਂ ਦੀ ਖਰੀਦ ਦੀ ਕਾਨੂੰਨੀ ਗਾਰੰਟੀ ਦਾ ਕਾਨੂੰਨ ਅਤੇ ਹੋਰ 6 ਮੰਗਾਂ ਜਿਹੜੀਆਂ ਕੇਂਦਰ ਸਰਕਾਰ ਨੇ 9 ਦਸੰਬਰ 2021 ਨੂੰ ਮੰਨੀਆਂ ਸਨ, ਉਨ੍ਹਾਂ ਨੂੰ ਪੂਰਾ ਕਰਵਾਉਣ ਹਿੱਤ ਪਾਰਲੀਮੈਂਟ ਵਿੱਚ ਆਵਾਜ਼ ਉਠਾਈ ਜਾਵੇ। ਮੰਗ ਪੱਤਰ ਦੇਣ ਵਾਲੇ ਵਫ਼ਦ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਕਨਵੀਨਰ ਕਰਨ ਸਿੰਘ ਰਾਣਾ, ਹਰਪਾਲ ਸਿੰਘ ਮੱਕੋਵਾਲ, ਪਰਵਿੰਦਰ ਮੇਨਕਾ ਅਤੇ ਕਰਨੈਲ ਸਿੰਘ ਭੱਲਾ ਆਦਿ ਆਗੂ ਸ਼ਾਮਲ ਸਨ। ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਵਫਦ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦਾ ਮੰਗ ਪੱਤਰ ਸ੍ਰੀ ਮਨੀਸ਼ ਤਿਵਾੜੀ ਤੱਕ ਪੁੱਜਦਾ ਕਰਨਗੇ ਅਤੇ ਸ੍ਰੀ ਤਿਵਾੜੀ ਵਫ਼ਦ ਦੀਆਂ ਮੰਗਾਂ ਨੂੰ ਪਾਰਲੀਮੈਂਟ ਵਿੱਚ ਜ਼ਰੂਰ ਉਠਾਉਣਗੇ।