ਸੰਘਰਸ਼ ਕਮੇਟੀ ਵੱਲੋਂ ਸੰਸਦ ਮੈਂਬਰਾਂ ਨੂੰ ਮੰਗ ਪੱਤਰ : The Tribune India

ਸੰਘਰਸ਼ ਕਮੇਟੀ ਵੱਲੋਂ ਸੰਸਦ ਮੈਂਬਰਾਂ ਨੂੰ ਮੰਗ ਪੱਤਰ

ਕਿਸਾਨਾਂ ਤੇ ਮਜ਼ਦੂਰਾਂ ਨੂੰ ਦਰਪੇਸ਼ ਸਮੱਸਿਆਵਾਂ ਸੰਸਦ ’ਚ ਰੱਖਣ ਦੀ ਮੰਗ

ਸੰਘਰਸ਼ ਕਮੇਟੀ ਵੱਲੋਂ ਸੰਸਦ ਮੈਂਬਰਾਂ ਨੂੰ ਮੰਗ ਪੱਤਰ

ਜਲੰਧਰ ਵਿੱਚ ਸੰਸਦ ਚੌਧਰੀ ਸੰਤੋਖ ਸਿੰਘ ਨੂੰ ਮੰਗ ਪੱਤਰ ਸੌਂਪਦੇ ਹੋਏ ਕਿਸਾਨ ਆਗੂ। -ਫੋਟੋ: ਪੰਜਾਬੀ ਟ੍ਰਿਬਿਊਨ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 5 ਦਸੰਬਰ 

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਧਰਨਿਆਂ ਦੇ ਦਸਵੇਂ ਦਿਨ ਸੰਸਦ ਮੈਂਬਰਾਂ ਨੂੰ ਕੇਂਦਰ ਨਾਲ ਸਬੰਧਤ ਮੰਗਾਂ ਬਾਰੇ ਮੰਗ ਪੱਤਰ ਸੌਂਪੇ। 

ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸੂਬਾ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਹੇਠ ਕਿਸਾਨਾਂ ਮਜ਼ਦੂਰਾਂ ਨੇ ਸੰਸਦ ਮੈਂਬਰ ਗੁਰਜੀਤ ਔਜਲਾ ਨੂੰ ਮੰਗ ਪੱਤਰ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਵਾਲੇ ਫੈਸਲੇ ਲਏ ਜਾ ਰਹੇ ਹਨ ਅਤੇ ਸੂਬਿਆਂ ਦੇ ਅਧਿਕਾਰ ਆਪਣੇ ਹੱਥਾਂ ਵਿੱਚ ਲਏ ਜਾ ਰਹੇ ਹਨ।  ਸੰਸਦ ਮੈਬਰਾਂ ਨੂੰ ਮੰਗ ਪੱਤਰ ਦੇਣ ਦਾ ਇੱਕ ਮੰਤਵ ਇਹ ਵੀ ਹੈ ਕਿ ਸੰਸਦ ਦੇ  ਆ ਰਹੇ ਸਰਦ ਰੁੱਤ ਸੈਸ਼ਨ ਵਿੱਚ ਸੰਸਦ ਮੈਂਬਰ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਆਵਾਜ਼ ਬੁਲੰਦ ਕਰਨ।  ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਪੇਂਡੂ ਵਿਕਾਸ ਫੰਡ ਰੋਕੇ ਜਾਣ ’ਤੇ ਸਖ਼ਤ ਇਤਰਾਜ਼ ਕੀਤਾ। ਉਨ੍ਹਾਂ ਦੱਸਿਆ ਕਿ ਦਿੱਲੀ ਮੋਰਚੇ ਸਮੇਂ ਕੇਂਦਰ ਸਰਕਾਰ ਵੱਲੋਂ ਮਨੀਆਂ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਵੀ ਪੱਤਰ ਵਿੱਚ ਸ਼ਾਮਲ ਕੀਤੀ ਗਈ ਹੈ। 

ਅੱਜ ਧਰਨੇ ’ਚ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ, ਬਲਦੇਵ ਸਿੰਘ ਬੱਗਾ, ਕੰਧਾਰ ਸਿੰਘ , ਕੰਵਰਦਲੀਪ, ਅਮਰਦੀਪ ਸਿੰਘ ਗੋਪੀ, ਸਵਿੰਦਰ ਸਿੰਘ ਰੂਪੋਵਾਲੀ, ਬਲਵਿੰਦਰ ਸਿੰਘ ਕਲੇਰ ਬਾਲਾ, ਗੁਰਭੇਜ ਸਿੰਘ ਝੰਡੇ, ਮੁਖਤਾਰ ਸਿੰਘ ਭੰਗਵਾ ਤੇ ਹੋਰਨਾਂ ਨੇ ਇੱਕਠ ਨੂੰ ਸੰਬੋਧਨ ਕੀਤਾ|

 ਜਲੰਧਰ (ਪਾਲ ਸਿੰਘ ਨੌਲੀ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਆਪਣੇ ਸੰਘਰਸ਼ ਨੂੰ ਹੋਰ ਅੱਗੇ ਤੋਰਦਿਆਂ ਅੱਜ ਇੱਥੇ ਕਿਸਾਨੀ ਮੰਗਾਂ ਦਾ ਇੱਕ ਪੱਤਰ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਨੂੰ ਸੌਂਪਿਆ। ਕਿਸਾਨ ਆਗੂਆਂ ਨੇ ਕਿਹਾ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਲੋਕ ਸਭਾ ਤੇ ਰਾਜ ਸਭਾ ਮੈਂਬਰਾਂ ਨੂੰ ਕਿਸਾਨੀ ਮੰਗਾਂ ਬਾਰੇ ਪੱਤਰ ਦਿੱਤੇ ਜਾਣਗੇ ਤਾਂ ਜੋ ਉਹ ਸੰਸਦ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਹੱਲ ਦਾ ਜ਼ਿਕਰ ਕਰ ਸਕਣ। 

ਜੱਥੇਬੰਦੀ ਦੇ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ ਅਤੇ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦਫ਼ਤਰਾਂ ਵਿੱਚ ਚੱਲ ਰਹੇ ਅਣਮਿੱਥੇ ਸਮੇਂ ਦੇ ਧਰਨੇ 10ਵੇਂ ਦਿਨ ਵਿੱਚ ਦਾਖ਼ਲ ਹੋ ਗਏ ਹਨ। ਦੋਹਾਂ ਕਿਸਾਨ ਆਗੂਆਂ ਨੇ ਕਿਹਾ ਕਿ ਜੱਥੇਬੰਦੀ ਦੇ ਆਗੂਆਂ ਨੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੂੰ ਕਿਹਾ ਕਿ  ਲੋਕਾਂ ਨੇ ਉਨ੍ਹਾਂ ਵਿੱਚ ਭਰੋਸਾ ਪ੍ਰਗਟਾਉਂਦਿਆਂ ਜਿਤਾ ਕੇ ਸੰਸਦ ਵਿੱਚ ਭੇਜਿਆ ਹੈ, ਇਸ ਕਰ ਕੇ ਉਨ੍ਹਾਂ ਲੱਖਾਂ ਲੋਕਾਂ ਦੀਆਂ ਮੰਗਾਂ ਵੱਲ ਧਿਆਨ ਦਿੰਦੇ ਹੋਏ ਸੰਸਦ  ਵਿੱਚ ਕਿਸਾਨਾਂ  ਦੀ ਆਵਾਜ਼ ਬੁਲੰਦ ਕੀਤੀ ਜਾਵੇ। ਇਸ ਦੌਰਾਨ ਚੌਧਰੀ ਸੰਤੋਖ ਸਿੰਘ  ਨੇ ਭਰੋਸਾ ਦਿੱਤਾ ਕਿ ਉਹ ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਰੱਖਣ ਦੀ ਕੋਸ਼ਿਸ਼ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ  ਸੰਗਠਨ ਸਕੱਤਰ ਗੁਰਮੇਲ ਸਿੰਘ ਰੇੜਵਾਂ, ਸਕੱਤਰ ਜਰਨੈਲ ਸਿੰਘ ਰਾਮੇ, ਪ੍ਰੈੱਸ  ਸਕੱਤਰ ਹਰਪ੍ਰੀਤ ਸਿੰਘ ਕੋਟਲੀ ਗਾਜਰਾਂ, ਖ਼ਜ਼ਾਨਚੀ ਜਗਦੀਸ਼ ਪਾਲ ਸਿੰਘ ਖ਼ਾਲਸਾ ਚੱਕ ਬਾਹਮਣੀਆਂ, ਰਾਜਿੰਦਰ ਸਿੰਘ ਨੰਗਲ ਅੰਬੀਆਂ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਰਾਈਵਾਲ ਅਤੇ ਜ਼ਿਲ੍ਹਾ ਕਮੇਟੀ ਦੇ ਹੋਰ ਆਗੂ ਵੀ ਮੌਜੂਦ ਸਨ।

ਸੀਚੇਵਾਲ ਨੂੰ ਵੀ ਮੰਗ ਪੱਤਰ ਸੌਂਪ ਕੇ ਮਸਲੇ ਉਠਾਉਣ ਦੀ ਅਪੀਲ ਕੀਤੀ

ਸ਼ਾਹਕੋਟ (ਗੁਰਮੀਤ ਸਿੰਘ ਖੋਸਲਾ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮੰਗ ਪੱਤਰ ਸੌਂਪ ਕੇ ਸੰਸਦ ਦੇ ਸਰਦ ਰੁੱਤ ਇਜਲਾਸ ਵਿੱਚ ਕਿਸਾਨਾਂ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਉਠਾਉਣ ਦੀ ਅਪੀਲ ਕੀਤੀ। ਜਥੇਬੰਦੀ ਦੇ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਨੇ ਦੱਸਿਆ ਕਿ ਉਨ੍ਹਾਂ ਨੇ ਸੰਤ ਸੀਚੇਵਾਲ ਨੂੰ ਕਿਸਾਨੀ ਮੰਗਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਸੰਤ ਸੀਚੇਵਾਲ ਦੇ ਧਿਆਨ ਵਿੱਚ ਲਿਆਂਦਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨੀ ਸੰਘਰਸ਼ ਨੂੰ ਖਤਮ ਕਰਵਾਉਣ ਸਮੇਂ ਕਿਸਾਨ ਜਥੇਬੰਦੀਆਂ ਦੀਆਂ ਕਈ ਮੰਗਾਂ ਮੰਨੀਆਂ ਸਨ ਪਰ ਇਸ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਨੂੰ ਅਮਲ ਵਿੱਚ ਨਹੀਂ ਲਿਆਂਦਾ ਗਿਆ ਜਿਸ ਕਾਰਨ ਉਨ੍ਹਾਂ ਨੇ  ਪੰਜਾਬ ਦੇ ਜ਼ਿਲ੍ਹਾ ਹੈਂਡਕਆਰਟਰਾਂ ’ਤੇ ਪਿਛਲੇ 10 ਦਿਨਾਂ ਤੋਂ ਪੱਕੇ ਮੋਰਚੇ ਲਗਾਏ ਹੋਏ ਹਨ। ਸੰਤ ਸੀਚੇਵਾਲ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀਆਂ ਮੰਗਾਂ ਨੂੰ ਸੰਸਦ ਵਿੱਚ ਉਠਾਉਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਰਾਈਵਾਲ, ਸਕੱਤਰ ਜਰਨੈਲ ਸਿੰਘ ਰਾਮੇ, ਸੰਗਠਨ ਸਕੱਤਰ ਗੁਰਮੇਲ ਸਿੰਘ ਰੇੜ੍ਹਵਾਂ, ਵਿੱਤ ਸਕੱਤਰ ਜਗਦੀਸ਼ ਪਾਲ ਸਿੰਘ ਅਤੇ ਸਹਾਇਕ ਵਿੱਤ ਸਕੱਤਰ ਰਾਜਿੰਦਰ ਸਿੰਘ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All