ਸ਼ਾਹਕੋਟ (ਪੱਤਰ ਪ੍ਰੇਰਕ): ਪਿੰਡ ਰਾਜੇਵਾਲ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਜਲੰਧਰ ਨੇ ਮੀਟਿੰਗ ਕਰਕੇ ਰੇਤੇ ਦੀ ਹੋ ਰਹੀ ਗੈਰਕਾਨੂੰਨੀ ਮਾਈਨਿੰਗ ਨੂੰ ਰੋਕਣ ਦੀ ਮੰਗ ਕੀਤੀ। ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਜ਼ਿਲ੍ਹਾ ਸੰਗਠਨ ਸਕੱਤਰ ਗੁਰਮੇਲ ਸਿੰਘ ਰੇੜ੍ਹਵਾਂ ਅਤੇ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਨੇ ਦੱਸਿਆ ਕਿ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ ਨੇ ਮੀਟੰਗ ਵਿਚ ਸੂਬਾ ਕਮੇਟੀ ਦੀ ਰਿਪੋਰਟ ਸਾਂਝੀ ਕਰਦੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਆਨਾਕਾਨੀ ਕਰ ਰਹੀਆਂ ਹਨ। ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਸੰਘਰਸ਼ ਕਰਨ ਨਾਲ ਹੀ ਹੱਕ ਹਾਸਿਲ ਕੀਤੇ ਜਾ ਸਕਦੇ ਹਨ। ਜ਼ਿਲ੍ਹਾ ਕਮੇਟੀ ਵੱਲੋਂ ਜ਼ਿਲ੍ਹੇ ਵਿਚ ਹੋ ਰਹੀ ਰੇਤੇ ਦੀ ਗੈਰਕਾਨੂੰਨੀ ਮਾਈਨਿੰਗ ਦਾ ਮੁੱਦਾ ਉਠਾਉਣ ਸਬੰਧੀ ਉਨ੍ਹਾਂ ਕਿਹਾ ਕਿ ਗੈਰਕਾਨੂੰਨੀ ਰੇਤੇ ਖਿਲਾਫ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਰੇਤਾ ਚੁੱਕਣ ਦੇ ਅਧਿਕਾਰ ਜ਼ਮੀਨ ਮਾਲਕਾਂ ਨੂੰ ਦੇਣ, ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨ, ਐੱਮਐੱਸਪੀ ਦਾ ਕਾਨੂੰਨ ਬਣਾਉਣ, ਅਬਾਦਕਾਰਾਂ ਨੂੰ ਮਾਲਕੀ ਹੱਕ ਦੇਣ, ਆਪ ਵੱਲੋਂ ਚੋਣਾਂ ਮੌਕੇ ਕੀਤੀਆਂ ਗਾਰੰਟੀਆਂ ਨੂੰ ਪੂਰਾ ਕਰਨ, ਲਤੀਫਪੁਰ ਦੇ ਲੋਕਾਂ ਦਾ ਮੁੜ ਵਸੇਬਾ ਕਰਨ ਅਤੇ ਦਿੱਲੀ ਮੋਰਚਾ ਉਠਾਉਣ ਸਮੇਂ ਕੀਤੇ ਵਾਅਦਿਆਂ ਨੂੰ ਲਾਗੂ ਕਰਨ ਦੀ ਮੰਗ ਕੀਤੀ। ਮੀਟਿੰਗ ਵਿਚ ਜਗਦੀਸ਼ ਪਾਲ ਸਿੰਘ, ਸ਼ੇਰ ਸਿੰਘ, ਤੇਜਾ ਸਿੰਘ, ਕੁਲਦੀਪ ਰਾਏ, ਰਾਮ ਸਿੰਘ, ਹਰਫੂਲ ਸਿੰਘ, ਬਲਜਿੰਦਰ ਸਿੰਘ, ਵਿਜੇ,ਤੀਰਥ ਸਿੰਘ ਅਤੇ ਜਸਵਿੰਦਰ ਸਿੰਘ ਹਾਜ਼ਰ ਸਨ।