ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 18 ਜੁਲਾਈ
ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅਤਿਵਾਦੀ ਕਹਿਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਬੀਬੀ ਸੰਤੋਸ਼ ਕਟਾਰੀਆ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਵਲੋਂ ਭਗਤ ਸਿੰਘ ਬਾਰੇ ਦਿੱਤਾ ਬਿਆਨ ਸ਼ਰਮਨਾਕ ਅਤੇ ਕਰੋੜਾਂ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ, ਜਿਸ ਦੀ ਉਹ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਨ। ਬੀਬੀ ਕਟਾਰੀਆ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਆਪਣੇ ਪ੍ਰਾਣਾਂ ਦੀ ਆਹੂਤੀ ਦੇਣ ਵਾਲੇ ਮਹਾਨ ਸ਼ਹੀਦ ਨੂੰ ਅਤਿਵਾਦੀ ਕਹਿਣਾ ਉਨ੍ਹਾਂ ਦੇ ਮਹਾਨ ਬਲੀਦਾਨ ਦਾ ਨਿਰਾਦਰ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਤਾਂ ਸਮੂਹ ਪੰਜਾਬੀਆਂ ਖਾਸ ਕਰਕੇ ਪੰਜਾਬੀ ਨੌਜਵਾਨਾਂ ਦੇ ਆਦਰਸ਼ ਹਨ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਅਹਿਮ ਰੋਲ ਅਦਾ ਕੀਤਾ ਅਤੇ ਅੱਜ ਅਸੀਂ ਉਨ੍ਹਾਂ ਆਜ਼ਾਦੀ ਦੇ ਪ੍ਰਵਾਨਿਆਂ ਦੀ ਬਦੌਲਤ ਹੀ ਆਜ਼ਾਦ ਫਿਜ਼ਾ ਵਿੱਚ ਰਹਿੰਦੇ ਹੋਏ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਵਲੋਂ ਸੰਵਿਧਾਨਕ ਅਹੁਦੇ ਤੇ ਹੁੰਦਿਆਂ ਇੱਕ ਕੌਮੀ ਨਾਇਕ ਪ੍ਰਤੀ ਅਜਿਹੀ ਸ਼ਬਦਾਵਲੀ ਵਰਤਣੀ ਸ਼ੋਭਾ ਨਹੀਂ ਦਿੰਦੀ, ਇਸ ਲਈ ਉਨ੍ਹਾਂ ਨੂੰ ਸ਼ਹੀਦ ਭਗਤ ਸਿੰਘ ਦਾ ਨਿਰਾਦਰ ਕਰਨ ’ਤੇ ਬਿਨਾਂ ਸ਼ਰਤ ਮੁਆਫੀ ਮੰਗਣੀ ਚਾਹੀਦੀ ਹੈ, ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ।