ਪਾਲ ਸਿੰਘ ਨੌਲੀ
ਜਲੰਧਰ, 30 ਸਤੰਬਰ
ਬਹੁਜਨ ਸਮਾਜ ਫਰੰਟ ਪੰਜਾਬ ਵੱਲੋਂ ਅੰਬੇਡਕਰ ਕਲੱਬ/ਸਭਾਵਾਂ, ਸਤਿਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਅਤੇ ਭਗਵਾਨ ਵਾਲਮੀਕਿ ਸਭਾਵਾਂ ਦੇ ਸਹਿਯੋਗ ਨਾਲ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਰਾਸ਼ੀ ਜਾਰੀ ਨਾ ਕਰਨ, ਪ੍ਰਾਈਵੇਟ ਕਾਲਜਾਂ ਤੇ ਯੂਨੀਵਰਸਿਟੀਆਂ ਵੱਲੋਂ ਦਲਿਤ ਅਤੇ ਘੱਟ ਗਿਣਤੀ ਦੇ ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਦਾਖਲਾ ਨਾ ਦੇਣ ਦੇ ਐਲਾਨ ਅਤੇ ਕਿਰਤ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ ਜਲੰਧਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਦੇ ਰਾਜਪਾਲ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ।
ਇਸ ਮੌਕੇ ਬਹੁਜਨ ਸਮਾਜ ਫਰੰਟ ਦੇ ਸੂਬਾਈ ਆਗੂ ਸੁਖਵਿੰਦਰ ਕੋਟਲੀ, ਐੱਮਪੀ ਸਿੰਘ ਗੁਰਾਇਆ, ਜਗਦੀਸ਼ ਰਾਣਾ, ਸੁਖਬੀਰ ਸਿੰਘ ਸ਼ਾਲੀਮਾਰ, ਰਮੇਸ਼ ਚੋਹਕਾਂ, ਜਗਦੀਸ਼ ਦੀਸ਼ਾ, ਦੀਪਕ ਬਾਲੀ, ਨਵਦੀਪ ਦਕੋਹਾ, ਰਮਨ ਮਾਹੀ, ਸਨੀ ਜੱਸਲ ਚਤੇ ਸੁਰਿੰਦਰ ਢੰਡਾ ਹਾਜ਼ਰ ਸਨ।
ਇਸ ਮੌਕੇ ਬਹੁਜਨ ਸਮਾਜ ਫਰੰਟ ਪੰਜਾਬ ਦੇ ਸੂਬਾਈ ਆਗੂ ਸੁਖਵਿੰਦਰ ਕੋਟਲੀ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਅਤੇ ਘੱਟ ਗਿਣਤੀਆਂ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਪੰਜਾਬ ਸਰਕਾਰ ਸੁਚਾਰੂ ਢੰਗ ਨਾਲ ਨਹੀਂ ਚਲਾ ਰਹੀ ਜਿਸ ਦੇ ਸਿੱਟੇ ਵਜੋਂ ਲੱਖਾਂ ਹੀ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਅੱਧ ਵਿਚਕਾਰ ਛੱਡਣੀ ਪੈ ਰਹੀ ਹੈ। ਸੁਖਵਿੰਦਰ ਕੋਟਲੀ ਨੇ ਐਲਾਨ ਕੀਤਾ ਕਿ ਜੇਕਰ ਕਿਸੇ ਵੀ ਪ੍ਰਾਈਵੇਟ ਕਾਲਜ ਜਾਂ ਯੂਨੀਵਰਸਿਟੀ ਨੇ ਦਲਿਤ ਵਿਦਿਆਰਥੀਆਂ ਨੂੰ ਦਾਖਲਾ ਨਾ ਦੇਣ ਦੀ ਕੋਸ਼ਿਸ਼ ਕੀਤੀ ਤਾਂ ਉਹ ਹੋਰ ਕਿਸੇ ਵੀ ਵਰਗ ਦੇ ਵਿਦਿਆਰਥੀ ਨੂੰ ਦਾਖਲ ਨਹੀਂ ਹੋਣ ਦੇ ਦੇਣਗੇ ਅਤੇ ਅਜਿਹਾ ਕਰਨ ਵਾਲੇ ਕਾਲਜਾਂ ਅੱਗੇ ਮੁਜ਼ਾਹਰੇ ਕੀਤੇ ਜਾਣਗੇ। ਬਹੁਜਨ ਸਮਾਜ ਫਰੰਟ ਦੇ ਆਗੂਆਂ ਅਤੇ ਵਰਕਰਾਂ ਨੇ ਡੀਸੀ ਦਫ਼ਤਰ ਦੇ ਬਾਹਰ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਸਾਨੀ ਵਿਰੁੱਧ ਖੇਤੀ ਆਰਡੀਨੈਂਸ ਵਾਪਸ ਲੈਣ ਦੀ ਮੰਗ ਕੀਤੀ।