ਜੰਗ ਬਹਾਦਰ ਸੇਖੋਂ
ਗੜਸ਼ੰਕਰ, 7 ਮਈ
ਸਿਹਤ ਵਿਭਾਗ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਵਿੱਚ ਕੰਮ ਕਰਦੇ ਸਿਹਤ ਕੇਂਦਰ ਪਾਲਦੀ ਵਿੱਚ ਤਾਇਨਾਤ ਸਿਹਤ ਕਰਮਚਾਰੀਆਂ ਵੱਲੋਂ ਅੱਜ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ’ਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਪ੍ਰਤੀ ਅਣਦੇਖੀ ਕਰਨ ਦਾ ਦੋਸ਼ ਲਾਇਆ ਗਿਆ। ਇਸ ਮੌਕੇ ਹਾਜ਼ਰ ਕਰਮਚਾਰੀਆਂ ਨੇ ਕਿਹਾ ਕਿ ਇਸ ਮਿਸ਼ਨ ਵਿੱਚ ਸਭ ਤੋ ਪੁਰਾਣੇ ਪ੍ਰੋਗਰਾਮ ਜਿਵੇਂ ਟੀਬੀ, ਲੈਪਰੋਸੀ ਤੇ ਆਰਸੀਐੱਚ ਪ੍ਰੋਗਰਾਮ ਦੇ ਕਰਮਚਾਰੀ 20-25 ਸਾਲਾਂ ਤੋਂ ਠੇਕੇ ’ਤੇ ਕੰਮ ਕਰ ਰਹੇ ਹਨ। ਕਈ ਕਰਮਚਾਰੀ ਆਉਣ ਵਾਲੇ ਕੁਝ ਮਹੀਨਿਆਂ ’ਚ ਸੇਵਾ-ਮੁਕਤ ਹੋਣ ਵਾਲੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਜੇ ਤੱਕ ਵੀ ਇਨ੍ਹਾਂ ਕਰਮਚਾਰੀਆਂ ਨੂੰ ਨਿਯਮਤ ਕਰਨ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਮੰਗ ਕੀਤੀ ਕਿ ਸਿਹਤ ਮਿਸ਼ਨ ਤਹਿਤ ਕੰਮ ਕਰਦੇ ਕਰਮਚਾਰੀਆਂ ਨੂੰ ਰੈਗੂਲਰ ਕਰਮਚਾਰੀਆਂ ਦੇ ਬਰਾਬਰ ਸਹੂਲਤਾਂ ਅਤੇ ਤਨਖਾਹ ਦਿੱਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਕੀਤਾ ਜਾਵੇਗਾ।