ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਿਵਲ ਹਸਪਤਾਲ ਅੰਮ੍ਰਿਤਸਰ ਦਾ ਅਚਾਨਕ ਦੌਰਾ ਕੀਤਾ ਤੇ ਐਮਰਜੈਸੀ ਵਾਰਡ ਦੀ ਚੈਕਿੰਗ ਕਰਦਿਆਂ ਮਰੀਜ਼ਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਦੇ ਹੋਏ ਡਾਕਟਰਾਂ ਨੂੰ ਮੁਸ਼ਕਲਾਂ ਦੇ ਹੱਲ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਮਰੀਜ਼ ਨੂੰ ਕੋਈ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਨੇ ਉਥੇ ਚੱਲ ਰਹੇ ਆਕਸੀਜਨ ਪਲਾਂਟ ਦਾ ਨਿਰੀਖਣ ਕਰਦੇ ਹੋਏ ਸਬੰਧਤ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਉਹ ਸਮੇ ਸਮੇ ਸਿਰ ਆਕਸੀਜਨ ਪਲਾਂਟ ਦੀ ਜਾਂਚ ਕਰਵਾਉਣ ਤਾਂ ਜੋ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ।
ਡੀਸੀ ਨੇ ਹਸਪਾਲ ਵਿਖੇ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਕੋਲੋਂ ਹਸਪਤਾਲ ਦੇ ਅੰਦਰੋਂ ਹੀ ਦਵਾਈ ਲੈਣ ਸਬੰਧੀ ਫੀਡਬੈਕ ਵੀ ਲਈ ਤੇ ਮਰੀਜ਼ਾਂ ਨੂੰ ਦਵਾਈ ਹਸਪਤਾਲ ਵਿਚੋਂ ਹੀ ਮਿਲਣੀ ਯਕੀਨੀ ਬਣਾਉਣ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਨੇ ਸਟਾਫ ਨੂੰ ਮਰੀਜ਼ਾਂ ਨਾਲ ਹਲੀਮੀ ਨਾਲ ਪੇਸ਼ ਆਉਣ ਤੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਰਸ਼ਮੀ ਨੂੰ ਹਸਪਤਾਲ ’ਚ ਸਾਫ਼-ਸਫਾਈ ਦਾ ਖਾਸ ਧਿਆਨ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਸਿਵਲ ਹਸਪਤਾਲ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ। ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਤੇ ਗੁਰੂ ਨਾਨਕ ਦੇਵ ਹਸਪਤਾਲ ਦੇ ਡਾਕਟਰਾਂ ਨਾਲ ਮੀਟਿੰਗ ਵੀ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਤਹਿਸੀਲ ਦਫ਼ਤਰ ਦਾ ਨਿਰੀਖਣ
ਗੁਰਦਾਸਪੁਰ (ਕੇਪੀ ਸਿੰਘ): ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਅੱਜ ਤਹਿਸੀਲ ਦਫ਼ਤਰ ਗੁਰਦਾਸਪੁਰ ਦਾ ਅਚਨਚੇਤ ਦੌਰਾ ਕਰਕੇ ਤਹਿਸੀਲਦਾਰ ਤੇ ਸਬ ਰਜਿਸਟਰਾਰ ਦਫ਼ਤਰ ਵਿੱਚ ਦਿੱਤੀਆਂ ਜਾ ਰਹੀਆਂ ਪ੍ਰਸ਼ਾਸਨਿਕ ਸੇਵਾਵਾਂ ਦਾ ਨਿਰੀਖਣ ਕੀਤਾ। ਡਾ. ਬੇਦੀ ਨੇ ਈਜੀ ਰਜਿਸਟਰੀਆਂ ਦੇ ਕੰਮ ਦਾ ਵੀ ਜਾਇਜ਼ਾ ਲਿਆ । ਉਨ੍ਹਾਂ ਨੇ ਦੱਸਿਆ ਕਿ ਤਹਿਸੀਲ ਵਿੱਚ ਰਜਿਸਟਰੀਆਂ ਕਰਨ ਦਾ ਕੰਮ ਠੀਕ ਢੰਗ ਨਾਲ ਚੱਲ ਰਿਹਾ ਹੈ ਅਤੇ ਕਿਸੇ ਕਿਸਮ ਦਾ ਕੋਈ ਵੀ ਕੰਮ ਬਕਾਇਆ ਨਹੀਂ ਹੈ। ਉਨ੍ਹਾਂ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਤੇ ਈਜੀ ਰਜਿਸਟਰੀ ਬਾਬਤ ਫੀਡ ਬੈਕ ਹਾਸਲ ਕੀਤੀ। ਡਾ. ਬੇਦੀ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ `ਚ ਕੋਈ ਢਿੱਲ ਮੱਠ ਨਾ ਵਰਤੀ ਜਾਵੇ।