ਪਾਲ ਸਿੰਘ ਨੌਲੀ
ਜਲੰਧਰ, 21 ਅਗਸਤ
ਕਮਿਸ਼ਨਰੇਟ ਪੁਲੀਸ ਨੇ ਸਾਬਕਾ ਕਾਂਗਰਸੀ ਕੌਂਸਲਰ ਸੁਖਮੀਤ ਸਿੰਘ ਡਿਪਟੀ ਦੇ ਕਤਲ ਕੇਸ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਨੇ ਸੁਖਮੀਤ ਸਿੰਘ ਡਿਪਟੀ ਕਤਲ ਕੇਸ ਦੇ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ।
ਬਤੌਰ ਡੀਆਈਜੀ ਲੁਧਿਆਣਾ ਰੇਂਜ ਦਾ ਅਹੁਦਾ ਸੰਭਾਲਣ ਜਾ ਰਹੇ ਸ੍ਰੀ ਭੁੱਲਰ ਨੇ ਕਿਹਾ ਕਿ ਸ਼ਹਿਰ ਵਿਚ ਇਸ ਜੁਰਮ ਦੀ ਬਹੁਤ ਚਰਚਾ ਸੀ ਅਤੇ ਪੁਲੀਸ ਲਈ ਇਹ ਬਹੁਤ ਵੱਡੀ ਚੁਣੌਤੀ ਸੀ, ਜਿਸ ਨੂੰ ਉਨ੍ਹਾਂ ਬਹੁਤ ਥੋੜ੍ਹੇ ਸਮੇਂ ਵਿੱਚ ਹੱਲ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਅਪਰਾਧ ਵਿੱਚ ਸ਼ਾਮਲ ਮੁਲਜ਼ਮਾਂ ਦੀ ਪਛਾਣ ਗੌਰਵ ਪਟਿਆਲ, ਗੈਂਗਸਟਰ ਵਿਕਾਸ ਮਾਲੇ, ਜਲੰਧਰ ਤੋਂ ਪੁਨੀਤ ਅਤੇ ਇਕ ਹੋਰ ਪੰਜਾਬੀ ਨੌਜਵਾਨ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੂੰ ਇਸ ਕਤਲ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ।
ਸ੍ਰੀ ਭੁੱਲਰ ਨੇ ਦੱਸਿਆ ਕਿ ਪਟਿਆਲ ਇਸ ਘਟਨਾ ਦਾ ਮੁੱਖ ਸਰਗਣਾ ਸੀ, ਜਿਸ ਵੱਲੋਂ ਇਹ ਸਾਰੀ ਸਾਜ਼ਿਸ਼ ਰਚੀ ਗਈ ਅਤੇ ਇਸ ਵੇਲੇ ਉਹ ਅਰਮੀਨੀਆ ਦੀ ਜ਼ੇਲ੍ਹ ਵਿੱਚ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਗੁੜਗਾਓਂ ਦੇ ਮੁਲਜ਼ਮ ਵਿਕਾਸ ਮਾਲੇ ਅਤੇ ਹੋਰਨਾਂ ਦੋ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਵੱਖ-ਵੱਖ ਪਹਿਲੂਆਂ ’ਤੇ ਕੰਮ ਕੀਤਾ ਜਾ ਰਿਹਾ ਹੈ, ਜਿਨ੍ਹਾਂ ਜਲੰਧਰ ਵਿੱਚ ਇਸ ਜੁਰਮ ਨੂੰ ਅੰਜਾਮ ਦਿੱਤਾ। ਪੁਲੀਸ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਮੰਨਾਪੁਰਮ ਗੋਲਡ ਲੁੱਟ ਵਿੱਚ ਲੋੜੀਂਦੇ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਦੀ ਇਕ ਟੀਮ ਨੂੰ ਬਿਹਾਰ ਦੇ ਸਮਸਤੀਪੁਰ ਭੇਜਿਆ ਗਿਆ ਹੈ।