ਪੱਤਰ ਪ੍ਰੇਰਕ
ਆਦਮਪੁਰ ਦੋਆਬਾ (ਜਲੰਧਰ), 18 ਅਗਸਤ
ਪੰਜਾਬ ਵਿੱਚ ਗੰਨੇ ਦਾ ਭਾਅ ਘੱਟ ਮਿਲਣ ਕਾਰਨ ਅਤੇ ਪਿਛਲੇ ਬਕਾਏ ਦਾ ਭੁਗਤਾਨ ਨਾ ਕੀਤੇ ਜਾਣ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ 20 ਅਗਸਤ ਨੂੰ ਧੰਨੋਵਾਲੀ ਨੇੜੇ ਕੌਮੀ ਹਾਈਵੇਅ ’ਤੇ ਰੇਲ ਮਾਰਗ ਜਾਮ ਕਰਨ ਦਾ ਐਲਾਨ ਕੀਤਾ ਹੋਇਆ ਹੈ। ਇਸ ਦੇ ਮੱਦੇਨਜ਼ਰ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਕਾਰਨ ਕਿਸਾਨਾਂ ਨੇ ਇਸ ਰੋਸ ਧਰਨੇ ਵਿਚ ਟਰਾਲੀਆਂ ਤੇ ਆਪਣੇ ਵਾਹਨਾਂ ’ਤੇ ਜਾਣ ਦਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਨੌਜਵਾਨ ਸੰਘਰਸ਼ ਮੋਰਚਾ ਆਦਮਪੁਰ ਦੇ ਕਿਸਾਨਾਂ ਨੂੰ ਨਾਲ ਲੈ ਕੇ ਪੰਡੋਰੀ ਨਿੱਝਰਾਂ, ਮਾਣਕਰਾਏ, ਡਰੋਲੀ, ਕਠਾਰ, ਹਰੀਪੁਰ, ਵਡਾਲਾ, ਧੀਰੋਵਾਲ ਤੇ ਹੋਰ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ। ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਗੁਰਮਿੰਦਰ ਸਿੰਘ ਨੇ ਵੀ ਦੇਰ ਸ਼ਾਮ ਤੱਕ ਦੋਆਬੇ ਦੇ 12 ਪਿੰਡਾਂ ਵਿਚ ਕਿਸਾਨਾਂ ਨੂੰ ਲਾਮਬੰਦ ਕੀਤਾ। ਉਨ੍ਹਾਂ ਇਲਾਕੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 20 ਅਗਸਤ ਦੇ ਰੋਸ ਧਰਨੇ ਵਿੱਚ ਜ਼ਰੂਰ ਹਿੱਸਾ ਲੈਣ।