ਧਿਆਨ ਸਿੰਘ ਭਗਤ
ਕਪੂਰਥਲਾ, 20 ਸਤੰਬਰ
ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਮਾਧਿਅਮਾਂ ਰਾਹੀਂ ਸਿੱਖਿਆ ਪ੍ਰਦਾਨ ਕਰਕੇ ਸਮੇਂ ਦੇ ਹਾਣੀ ਬਣਾਉਣ ਲਈ ਵੰਡੇ ਜਾ ਰਹੇ ਸਮਾਰਟ ਫੋਨਾਂ ਨਾਲ ਡਿਜੀਟਲ ਸਾਖਰਤਾ ਵਿਚ ਕ੍ਰਾਂਤੀ ਆਵੇਗੀ ਜੋ ਅੱਗੋਂ ਸੂਚਨਾ ਤਕਨੀਕ ਦੇ ਖੇਤਰ ਵਿਚ ਰੁਜ਼ਗਾਰ ਦੀਆਂ ਅਸੀਮ ਸੰਭਾਵਨਾਵਾਂ ਪੈਦਾ ਕਰੇਗੀ। ਉਹ ਅੱਜ ਇੱਥੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ 12 ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਦੂਜੇ ਪੜਾਅ ਤਹਿਤ ਸਮਾਰਟ ਫੋਨ ਵੰਡਣ ਸਬੰਧੀ ਸਮਾਗਮ ਨੂੰ ਸੰਬੋਧਨ ਕਰਨ ਪੁੱਜੇ। ਉਨ੍ਹਾਂ ਕਿਹਾ ਕਿ ਭਵਿੱਖ ਦਾ ਸਮਾਂ ਸੂਚਨਾ ਤਕਨੀਕ ਦਾ ਹੈ, ਜੋ ਕਿ ਅੱਗੋਂ ਰੁਜ਼ਗਾਰ ਪ੍ਰਾਪਤੀ ਦਾ ਸਭ ਤੋਂ ਵੱਡਾ ਖੇਤਰ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚ 1 ਲੱਖ 74 ਹਜ਼ਾਰ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਜਾ ਰਹੇ ਹਨ ਜਿਸ ਨਾਲ ਉਨ੍ਹਾਂ ਨੂੰ ਆਨਲਾਈਨ ਸਿਖਲਾਈ ਮਿਲਣੀ ਯਕੀਨੀ ਹੋਵੇਗੀ। ਜ਼ਿਲ੍ਹਾ ਸਿੱਖਿਆ ਅਫਸਰ ਮੱਸਾ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਵਿਚ 12 ਵੀਂ ਜਮਾਤ ਦੇ ਕੁੱਲ 4316 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਜਾਣੇ ਸਨ, ਜਿਨ੍ਹਾਂ ਵਿਚੋਂ ਸ਼ੁਰੂਆਤ ਵੇਲੇ ਰਸਮੀ ਤੌਰ ਤੇ 100 ਵਿਦਿਆਰਥੀਆਂ ਨੂੰ ਫੋਨ ਵੰਡੇ ਗਏ ਹਨ। ਅੱਜ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ 293 ਵਿਦਿਆਰਥਣਾਂ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੇ 211 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ।
ਸੜਕ ਦਾ ਨਿਰਮਾਣ ਸ਼ੁਰੂ
ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਸ਼ੇਖੂਪੁਰ ਵਿਖੇ 21.72 ਲੱਖ ਰੁਪਏ ਦੀ ਲਾਗਤ ਨਾਲ ਨਗਰ ਨਿਗਮ ਵਲੋਂ ਬਣਾਈ ਜਾਣ ਵਾਲੀ ਸੜਕ ਦੇ ਕੰਮ ਦੀ ਅੱਜ ਸ਼ੁਰੂਆਤ ਕਰਵਾਈ ਗਈ। ਇਹ ਸੜਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖੁਪੂਰ ਤੋਂ ਲੈ ਕੇ ਮਠਾੜੂ ਸ਼ਟਰਿੰਗ ਸਟੋਰ ਤੱਕ ਬਣੇਗੀ, ਜਿਸ ਨਾਲ ਸ਼ੇਖੂਪੁਰ ਤੇ ਆਸ-ਪਾਸ ਦੇ ਖੇਤਰਾਂ ਦੇ ਲੋਕਾਂ ਨੂੰ ਆਵਾਜਾਈ ਵਿਚ ਵੱਡੀ ਸਹੂਲਤ ਮਿਲੇਗੀ।