ਨਿੱਜੀ ਪੱਤਰ ਪ੍ਰੇਰਕ
ਜਲੰਧਰ, 26 ਮਈ
ਝੋਨੇ ਦੀ ਸਿੱਧੀ ਬਿਜਾਈ ਲਈ ਪੰਜਾਬ ਸਰਕਾਰ ਵੱਲੋਂ ਐਲਾਨੀ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਪ੍ਰਾਪਤ ਕਰਨ ਲਈ ਕਿਸਾਨਾਂ ਵੱਲੋਂ ਪੋਰਟਲ ’ਤੇ ਰਜਿਸਟਰ ਕਰਨਾ ਜ਼ਰੂਰੀ ਹੈ, ਜਿਸ ਲਈ ਆਖ਼ਰੀ ਮਿਤੀ 6 ਜੂਨ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪੋਰਟਲ ’ਤੇ ਰਜਿਸਰਡ ਹੋਣ ਮੌਕੇ ਆਪਣੀ ਰਜ਼ਾਮੰਦੀ ਅਤੇ ਹੋਰ ਵੇਰਵਾ ਦੇਣਾ ਹੋਵੇਗਾ। ਉਪਰੰਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਜ਼ਮੀਨੀ ਪੱਧਰ ’ਤੇ ਤਸਦੀਕ ਕਰਨ ਤੋਂ ਬਾਅਦ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਕਿਸਾਨ ਦੇ ਬੈਂਕ ਖਾਤੇ ਵਿੱਚ ਪਾ ਦਿੱਤੀ ਜਾਵੇਗੀ।
ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਵਿੱਚ ਝੋਨੇ ਹੇਠ ਬੀਜੇ ਜਾਂਦੇ 1.73 ਲੱਖ ਹੈਕਟੇਅਰ ਰਕਬੇ ਵਿੱਚੋਂ ਸਿੱਧੀ ਬਿਜਾਈ ਹੇਠ 54800 ਹੈਕਟੇਅਰ ਰਕਬਾ ਬੀਜਣ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਤ ਕਰਨ ਲਈ ਜ਼ਿਲ੍ਹੇ ਦੇ ਸਮੂਹ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਕਿਸਾਨਾਂ ਨੂੰ ਪਿੰਡ ਪਿੰਡ ਜਾ ਕੇ ਪ੍ਰੇਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਦਾ ਲਾਭ ਉਠਾਉਣਾ ਚਾਹੀਦਾ ਹੈ।