ਪੀ ਯੂ ਦੀ ਸੈਨੇਟ ਨੂੰ ਭੰਗ ਕਰਨਾ ਤਾਨਾਸ਼ਾਹੀ ਫ਼ੈਸਲਾ: ਸੇਖਵਾਂ
ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰਨ ਦੇ ਫ਼ੈਸਲੇ ਦਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਜ਼ੋਰਦਾਰ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ, ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਦਾ ਇਹ ਫੈਸਲਾ ਪੰਜਾਬ ਦੇ ਵਿਰੁੱਧ ਹੈ ਅਤੇ ਪੰਜਾਬੀ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦਿਵਸ ਤੇ ਭਾਜਪਾ ਦਾ ਪੰਜਾਬ ਨੂੰ ਤਾਨਾਸ਼ਾਹੀ ਤੋਹਫਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੀ ਯੂ ਦੀ ਸੈਨੇਟ ਭੰਗ ਕਰਨ ਦਾ ਫੈਸਲਾ ਗੈਰ-ਸੰਵਿਧਾਨਿਕ ਹੈ ਜਿਸ ਦਾ ‘ਆਪ’ ਵਿਰੋਧ ਕਰਦੀ ਹੈ।
ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਉਹ ਵੀ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਵਿਦਿਆਰਥੀ ਰਹੇ ਹਨ ਅਤੇ ਉਨ੍ਹਾਂ ਨੇ ਓਥੋਂ ਬੀਏ ਐੱਲ ਐੱਲ ਬੀ ਆਨਰਜ਼ ਦੀ ਡਿਗਰੀ ਹਾਸਲ ਕੀਤੀ ਹੈ, ਇਸ ਲਈ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਵੀ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਦੁੱਖ ਲੱਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਜਿਸਦਾ ਨਾਂ ਹੀ ਪੰਜਾਬ ਦੇ ਨਾਂ `ਤੇ ਹੈ ਉਹਦੇ ਵਿੱਚ ਪੰਜਾਬ ਦੀ ਭੂਮਿਕਾ ਘਟਾਉਣ ਲਈ ਚੁਣੇ ਹੋਏ ਮੈਂਬਰਾਂ ਦੀ ਥਾਂ ਨਾਮਜ਼ਦ ਮੈਂਬਰਾਂ ਲਈ ਰਾਹ ਖੋਲ੍ਹਣਾ ਪੰਜਾਬ ਲਈ ਵੱਡੀ ਨਾ-ਇਨਸਾਫ਼ੀ ਹੈ ਅਤੇ ਇਹ ਪੰਜਾਬ ਦੇ ਚੰਡੀਗੜ੍ਹ ’ਤੇ ਦਾਅਵੇ ਉੱਤੇ ਡਾਕਾ ਹੈ। ਐਡਵੋਕੇਟ ਸੇਖਵਾਂ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਸਾਰੇ ਪੰਜਾਬ ਵਾਸੀ, ਪੰਜਾਬ ਯੂਨੀਵਰਸਿਟੀ ਦੇ ਜਿੰਨੇ ਵੀ ਮੌਜੂਦਾ ਤੇ ਸਾਬਕਾ ਵਿਦਿਆਰਥੀ ਹਨ ਉਹ ਅੱਗੇ ਆਉਣ ਅਤੇ ਕੇਂਦਰ ਸਰਕਾਰ ਦੇ ਇਸ ਤਾਨਾਸ਼ਾਹੀ ਫੁਰਮਾਨ ਦਾ ਵਿਰੋਧ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ ਹੈ ਅਤੇ ਇਸ ਉੱਪਰ ਪੰਜਾਬ ਦੇ ਹੱਕ-ਹਕੂਕ ਘੱਟ ਨਹੀਂ ਹੋਣ ਦਿੱਤੇ ਜਾਣਗੇ।
