ਨਿੱਜੀ ਪੱਤਰ ਪ੍ਰੇਰਕ
ਜਲੰਧਰ, 16 ਜਨਵਰੀ
ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹੇ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਜਲੰਧਰ ਕੇਂਦਰੀ ਤੋਂ ਵਿਧਾਇਕ ਰਾਜਿੰਦਰ ਬੇਰੀ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ 97 ਨੌਜਵਾਨਾਂ ਨੂੰ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ ਸੌਂਪੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਹਾਲੀ ਵਿਚ ਵਰਚੂਅਲ ਤੌਰ ’ਤੇ ਸ਼ੁਰੂ ਕੀਤੇ ਗਏ ਪ੍ਰੋਗਰਾਮ ਵਿਚ ਸ਼ਿਰਕਤ ਕਰਦਿਆਂ ਵਿਧਾਇਕ ਰਾਜਿੰਦਰ ਬੇਰੀ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਇਨ੍ਹਾਂ ਅਲਾਟੀਆਂ ਦੀ ਨਿਯੁਕਤੀ ਖ਼ੁਰਾਕ ਤੇ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਪੰਜਾਬ ਵਲੋਂ ਮਹੀਨਾ ਭਰ ਚੱਲੀ ਲੰਬੀ ਪ੍ਰਕਿਰਿਆ ਤੋਂ ਬਾਅਦ ਕੀਤੀ ਗਈ ਹੈ। ਇਸ ਤਹਿਤ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ 124 ਰਾਸ਼ਨ ਡਿਪੂਆਂ ਨੂੰ ਸ਼ੁਰੂ ਕਰਨ ਦੀ ਚੋਣ ਕੀਤੀ ਗਈ। ਉਨ੍ਹਾਂ ਦੱਸਿਆ ਕਿ 184 ਨੌਜਵਾਨਾਂ ਵਲੋਂ ਇਨ੍ਹਾਂ ਅਸਾਮੀਆਂ ’ਤੇ ਅਪਲਾਈ ਕੀਤਾ ਗਿਆ ਸੀ ਤੇ 142 ਨੌਜਵਾਨਾਂ ਦੀ ਚੋਣ ਕੀਤੀ ਗਈ ਅਤੇ ਇਨ੍ਹਾਂ ਵਿਚੋਂ 97 ਨੌਜਵਾਨਾਂ ਨੂੰ ਅੱਜ ਰਾਸ਼ਨ ਡਿਪੂ ਚਲਾਉਣ ਲਈ ਅਲਾਟਮੈਂਟ ਪੱਤਰ ਸੌਂਪੇ ਗਏ ਹਨ। ਰਾਸ਼ਨ ਡਿਪੂ ਦੇ ਅਲਾਟੀਆਂ ਨੂੰ ਵਧਾਈ ਦਿੱਤੀ।