ਸੁਰਿੰਦਰ ਸਿੰਘ ਗੁਰਾਇਆ
ਟਾਂਡਾ, 5 ਅਕਤੂਬਰ
ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ ਦੋਆਬਾ ਕਿਸਾਨ ਕਮੇਟੀ ਵੱਲੋਂ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ ਵਿੱਚ ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਚੌਲਾਂਗ ਟੌਲ ਪਲਾਜ਼ਾ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰਕੇ ਟੌਲ ਟੈਕਸ ਦੀ ਵਸੂਲੀ ਬੰਦ ਕਰਵਾ ਦਿੱਤੀ। ਇਸ ਮਗਰੋਂ ਟੌਲ ਪਲਾਜ਼ੇ ਤੋਂ ਸਾਰੀ ਆਵਾਜਾਈ ਮੁਫ਼ਤ ਵਿੱਚ ਲੰਘਣੀ ਸ਼ੁਰੂ ਹੋ ਗਈ| ਇਸ ਰੋਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਇਲਾਕੇ ਦੇ ਕਿਸਾਨਾਂ ਅਤੇ ਹੋਰ ਜਥੇਬੰਦੀਆਂ ਨੇ ਮੋਦੀ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ| ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਾਲੇ ਕਾਨੂੰਨ ਬਣਾ ਕੇ ਪੰਜਾਬ ਦੀ ਤਬਾਹੀ ਦੀ ਨੀਂਹ ਰੱਖ ਦਿੱਤੀ ਹੈ। ਇਸ ਮੌਕੇ ਚੌਹਾਨ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਨੇ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਅਤੇ ਹੋਰ ਭਰਾਤਰੀ ਜਥੇਬੰਦੀਆਂ ਨਾਲ ਰਲ ਕੇ ਆਰ-ਪਾਰ ਦੀ ਲੜਾਈ ਸ਼ੁਰੂ ਕਰ ਦਿੱਤੀ ਹੈ, ਜੋ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਜਾਰੀ ਰਹੇਗੀ| ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਕਿਸਾਨਾਂ ਨੂੰ ਸਹਿਯੋਗ ਦੇਣ ਦੀ ਬਜਾਏ ਕਿਸਾਨੀ ਸੰਘਰਸ਼ ਨੂੰ ਢਾਹ ਲਾ ਰਹੀਆਂ ਹਨ।